ਚੰਡੀਗੜ੍ਹ, 10 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ 2 ਸਾਲ ਦੀ ਸਜ਼ਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਦਾ ਰੁਖ਼ ਕੀਤਾ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ਤੇ ਦੋਸ਼ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ।