ਚੰਡੀਗੜ੍ਹ, 9 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ ਲੈੰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦਾ ਪਿੰਡ ਗੁਰਵਾਲੀ ਨੇੜੇ ਇੱਕ ਕਾਰ ਵਿੱਚ ਹਾਦਸਾ ਹੋ ਗਿਆ ਸੀ ਅਤੇ ਕਾਰ ਸਵਾਰਾਂ ਵਿੱਚੋਂ ਇੱਕ ਨੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਹਾਦਸੇ ਵਿੱਚ ਨੁਕਸਾਨੀ ਗਈ ਕਾਰ ਨੂੰ ਥਾਣੇ ਵਿੱਚ ਲਿਆਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰ ਕਸ਼ਮੀਰ ਸਿੰਘ ਦੀ ਮੌਜੂਦਗੀ ਵਿੱਚ ਰਿਸ਼ਵਤ ਵਜੋਂ 5,000 ਰੁਪਏ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।