ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਦੇ ਇਲਾਜ ਗੰਭੀਰਤਾ ਵਿਖਾਉਣ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ ਪਿਛਲੇ 33 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਅੱਜ ਸਵੇਰੇ ਉਹਨਾਂ ਦੀ ਸਿਹਤ ਵਿਗੜਨ ’ਤੇ ਉਹਨਾਂ ਨੂੰ ਗੁਰੂ ਨਾਨਕ ਹਸਪਤਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਦਾਖਲ ਕਰਵਾਇਆ ਗਿਆ। ਉਹਨਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਅਧਿਕਾਰੀਆਂ ਵੱਲੋਂ ਭਾਈ ਖੇੜਾ ਨੂੰ ਦਵਾਈਆ ਮੁਹੱਈਆ ਨਾ ਕਰਵਾਉਣ ਕਾਰਨ ਉਹਨਾਂ ਦੀ ਸਿਹਤ ਕੁਝ ਦਿਨ ਪਹਿਲਾਂ ਵੀ ਵਿਗੜ ਗਈ ਸੀ ਤੇ ਉਸ ਵੇਲੇ ਵੀ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰ ਦੇ ਦਬਾਅ ਅਧੀਨ ਉਹਨਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਸਰਦਾਰ ਬਾਦਲ ਨੇ ਕਿਹਾ ਕਿ ਅੱਜ ਗੁਰੂ ਨਾਨਕ ਹਸਪਤਾਲ ਵਿਚ ਲੰਬਾ ਸਮਾਂ ਗੁਜ਼ਰਨ ਮਗਰੋਂ ਵੀ ਭਾਈ ਖੇੜਾ ਨੂੰ ਸਹੀ ਇਲਾਜ ਪ੍ਰਦਾਨ ਨਹੀਂ ਕੀਤਾ ਜਾ ਰਿਹਾ। ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਾਈ ਖੇੜਾ ਦੇ ਇਲਾਜ ਪ੍ਰਤੀ ਸੰਜੀਦਗੀ ਵਿਖਾਉਣ ਅਤੇ ਕਿਹਾ ਕਿ ਜੇਕਰ ਭਾਈ ਖੇੜਾ ਨੂੰ ਕੁਝ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਹੋਵੇਗੀ।