- ਭਾਕਿਯੂ ਉਗਰਾਹਾਂ ਦੇ ਸੱਦੇ 'ਤੇ 21 ਟੌਲ ਫ੍ਰੀ ਕਰਨ ਲਈ ਦਿਨ-ਰਾਤ ਦੋ ਰੋਜ਼ਾ ਧਰਨਿਆਂ ਵਿੱਚ ਡਟੇ ਹਜ਼ਾਰਾਂ ਕਿਸਾਨ
- ਕਿਸਾਨੀ ਮੰਗਾਂ ਖਾਤਰ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਲਈ ਡਟੇ ਕਿਸਾਨਾਂ ਨਾਲ਼ ਤਾਲਮੇਲਵਾਂ ਸੰਘਰਸ਼
ਚੰਡੀਗੜ੍ਹ, 17 ਫਰਵਰੀ : ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਖਾਤਰ ਦਿੱਲੀ ਜਾਣ ਲਈ ਸ਼ੰਭੂ ਤੇ ਖਨੌਰੀ ਬਾਡਰਾਂ 'ਤੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਮੋਦੀ ਸਰਕਾਰ ਨੂੰ ਸਿਆਸੀ ਝਟਕਾ ਦੇਣ ਲਈ ਪ੍ਰਮੁੱਖ ਭਾਜਪਾ ਆਗੂਆਂ ਸੁਨੀਲ ਕੁਮਾਰ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ ਵਿੱਚ 21 ਟੌਲ ਫ੍ਰੀ ਕਰਨ ਲਈ ਦਿਨ-ਰਾਤ ਦੇ ਦੋ ਰੋਜ਼ਾ ਧਰਨਿਆਂ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਡਟ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਵੱਲੋਂ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਧਰਨਿਆਂ ਦੀ ਸ਼ੁਰੂਆਤ ਬੀਤੇ ਦਿਨ ਸ਼ੰਭੂ ਬਾਰਡਰ 'ਤੇ ਆਇਆ ਸ਼ਹੀਦ ਕਿਸਾਨ ਗਿਆਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਰਾਹੀਂ ਕੀਤੀ ਗਈ। ਮੋਦੀ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਮੁੱਖ ਰੱਖਦਿਆਂ ਜਥੇਬੰਦੀ ਵੱਲੋਂ ਪਹਿਲਾਂ ਐਲਾਨ ਕੀਤਾ ਹੋਇਆ 24 ਫਰਵਰੀ ਤੋਂ ਪੰਜਾਬ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਚੰਡੀਗੜ੍ਹ ਮੋਰਚਾ ਅਣਮਿਥੇ ਸਮੇਂ ਲਈ ਮੁਲਤਵੀ ਕਰਕੇ ਸਾਂਝੇ ਮੁਲਕ ਪੱਧਰੇ ਕਿਸਾਨ ਘੋਲ਼ ਨੂੰ ਅੱਗੇ ਵਧਾਉਣ ਲਈ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਸੱਦਾ ਆਉਣ ਤੱਕ ਇਹ ਫੈਸਲਾ ਕੀਤਾ ਗਿਆ ਹੈ। ਅਗਲੇ ਸੱਦੇ ਲਈ ਜ਼ੂਮ ਮੀਟਿੰਗ ਅੱਜ ਰਾਤ ਨੂੰ ਹੀ ਹੋ ਰਹੀ ਹੈ। ਵੱਖ-ਵੱਖ ਥਾਵਾਂ ਤੇ ਸੰਬੋਧਨ ਕਰਤਾ ਬੁਲਾਰਿਆਂ ਵੱਲੋਂ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਡਟੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਤੇ ਕਿਸਾਨ ਆਗੂਆਂ ਨੂੰ 15 ਫਰਵਰੀ ਵਾਲੇ ਦਿਨ 14 ਥਾਵਾਂ 'ਤੇ ਰੇਲਾਂ ਰੋਕਣ ਅਤੇ 6 ਟੌਲ ਫ੍ਰੀ ਕਰਨ ਰਾਹੀਂ ਅਤੇ ਅੱਜ ਦੇ ਇਨ੍ਹਾਂ ਧਰਨਿਆਂ ਰਾਹੀਂ ਸੁਨੇਹਾ ਦਿੱਤਾ ਗਿਆ ਹੈ ਕਿ ਅਸੀਂ ਇਸ ਕਿਸਾਨ ਸੰਘਰਸ਼ ਨੂੰ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਤਾਲਮੇਲਵਾਂ ਕੌਮੀ ਸੰਘਰਸ ਬਣਾਉਣ ਲਈ ਜੀ ਜਾਨ ਨਾਲ ਕੁੱਦਣ ਦਾ ਫੈਸਲਾ ਕਰ ਲਿਆ ਹੈ, ਜਚ ਕੇ ਡਟੇ ਰਹੋ। ਹੋਰ ਵੀ ਚੰਗਾ ਹੋਣਾ ਸੀ ਜੇਕਰ ਇਹ ਸੰਘਰਸ਼ ਵਿੱਢਣ ਤੋਂ ਪਹਿਲਾਂ ਹੀ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਸਾਂਝਾ/ਤਾਲਮੇਲਵਾਂ ਸੰਘਰਸ਼ ਬਣਾਉਣ ਦੇ ਗੰਭੀਰ ਯਤਨ ਕੀਤੇ ਜਾਂਦੇ। ਪਰ ਅਜੇ ਵੀ ਡੁੱਲ੍ਹੇ ਬੇਰਾਂ ਦਾ ਕੁੱਝ ਨਹੀਂ ਵਿਗੜਿਆ। ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਇੱਕਜੁੱਟ ਹੋ ਕੇ ਤਾਲਮੇਲਵੇਂ ਸਾਂਝੇ ਸੰਘਰਸ਼ ਰਾਹੀਂ ਫ਼ਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਸਮੇਤ ਮੋਦੀ ਸਰਕਾਰ ਨੂੰ ਕਰਾਰੀ ਮਾਤ ਦਿੱਤੀ ਜਾ ਸਕਦੀ ਹੈ। ਆਗੂਆਂ ਨੇ ਜ਼ੋਰ ਦਿੱਤਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਜੇਤੂ ਦਿੱਲੀ ਘੋਲ਼ ਨੂੰ ਮੁਲਤਵੀ ਕਰਨ ਮੌਕੇ ਕੀਤੇ ਗਏ ਐਮਐਸਪੀ ਦੀ ਕਾਨੂੰਨੀ ਗਰੰਟੀ ਵਰਗੇ ਲਿਖਤੀ ਵਾਅਦੇ ਲਾਗੂ ਕਰਨ ਤੋਂ ਲਗਾਤਾਰ ਦੋ ਸਾਲ ਟਾਲ਼ਾ ਵੱਟਣ ਅਤੇ ਅੱਜ ਵੀ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਅਤੇ ਮੰਗਾਂ ਮੰਨਣ ਤੋਂ ਬਾਰ ਬਾਰ ਨਾਂਹ ਕਰਨ ਦੇ ਤਾਨਾਸ਼ਾਹੀ ਜਾਬਰ ਹੱਲੇ ਨੂੰ ਧਰਮਾਂ, ਜਾਤਾਂ, ਇਲਾਕਿਆਂ ਆਦਿ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਵਿਸ਼ਾਲ ਸਾਂਝੇ ਸੰਘਰਸ਼ ਰਾਹੀਂ ਹੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਹੁਣ ਲੁਟੇਰਿਆਂ ਪੱਖੀ ਜਾਬਰ ਨੀਤੀਆਂ ਦਾ ਹਿਸਾਬ ਕਿਤਾਬ ਚੁਕਤਾ ਕਰ ਕੇ ਹੀ ਕਿਸਾਨ ਦਮ ਲੈਣਗੇ।