- ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ: ਮਹੇਸ਼ਇੰਦਰ ਸਿੰਘ ਗਰੇਵਾਲ
ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ। ਇਸ ਮਾਮਲੇ ’ਤੇ ਭਾਜਪਾ ਵੱਲੋਂ ਵਾਰ ਵਾਰ ਬਿਆਨ ਦੇਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚ ਬਸਪਾ ਨਾਲ ਗਠਜੋੜ ਹੈ। ਉਹਨਾਂ ਕਿਹਾ ਕਿ ਇਹ ਗਠਜੋੜ ਚੰਗਾ ਚਲ ਰਿਹਾ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਭਾਜਪਾ ਨਾਲ ਭਵਿੱਖ ਵਿਚ ਗਠਜੋੜ ਕਰਨ ਦੀ ਗੱਲ ਨਹੀਂ ਕੀਤੀ ਤੇ ਭਾਜਪਾ ਨੂੰ ਰੋਜ਼ਾਨਾ ਆਧਾਰ ’ਤੇ ਇਸ ਬਾਰੇ ਕਿਆਸ ਅਰਾਈਆਂ ਲਗਾਉਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਸਰਦਾਰ ਗਰੇਵਾਲ ਨੇ ਭਾਜਪਾ ਨੂੰ ਇਹ ਵੀ ਚੇਤੇ ਕਰਵਾਇਆ ਕਿ ਅਕਾਲੀ ਦਲ ਨੇ ਉਸ ਨਾਲ ਗਠਜੋੜ ਸਿਧਾਂਤਾਂ ਦੇ ਆਧਾਰ ’ਤੇ ਤੋੜਿਆ ਸੀ ਕਿਉਂਕਿ ਉਸਨੇ ਗਠਜੋੜ ਦੇ ਭਾਈਚਾਰ ਜਾਂ ਕਿਸਾਨਾਂ ਨਾਲ ਕੋਈ ਵੀ ਗੱਲਬਾਤ ਕੀਤੇ ਬਗੈਰ ਸੰਸਦ ਵਿਚ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨ ਲਿਆ ਕੇ ਇਸ ਨਾਲ ਧੋਖਾ ਕੀਤਾ ਸੀ। ਉਹਨਾਂ ਕਿਹਾ ਕਿ ਇਯ ਮਗਰੋਂ ਭਾਜਪਾ ਨੇ ਪੰਜਾਬ ਅਤੇ ਸਿੱਖ ਕੌਮ ਦੇ ਖਿਲਾਫ ਇਕ ਤੋਂ ਬਾਅਦ ਇਕ ਫੈਸਲਾ ਲਿਆ ਜਿਸ ਨਾਲ ਪੰਜਾਬੀਆਂ ਵਿਚ ਨਾਖੁਸ਼ੀ ਮਹਿਸੂਸ ਕੀਤੀ ਗਈ। ਉਹਨਾਂ ਕਿਹਾ ਕਿ ਇਹਨਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਸਥਾਪਿਤ ਕਰਨਾ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਦਖਲ ਦੇਣਾ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 2019 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਵੀ ਭੱਜ ਗਈ। ਇਸ ਕਾਰਨ ਸਿੱਖ ਕੌਮ ਵਿਚ ਬਹੁਤ ਰੋਸ ਦੀ ਲਹਿਰ ਦੌੜ ਗਈ। ਸਰਦਾਰ ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿਚ ਕੌਮਾਂਤਰੀ ਸਰਹੱਦ ਤੋਂ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕਰ ਕੇ ਸੰਘੀ ਢਾਂਚੇ ਦਾ ਨੁਕਸਾਨ ਕੀਤਾ ਅਤੇ ਬੀ ਬੀ ਐਮ ਬੀ ਵਿਚ ਪੰਜਾਬ ਦੇ ਮੈਂਬਰਾਂ ਦੀ ਨਿਯੁਕਤੀ ਅਣਡਿੱਠ ਕਰ ਕੇ ਅਤੇ ਪੰਜਾਬੀ ਨੂੰ ਸੀ ਬੀ ਐਸ ਈ ਵਿਚ ਮਾਈਨਰ ਵਿਸ਼ਾ ਬਣਾ ਕੇ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਵਿਚ ਦਖਲ ਦੇ ਕੇ ਵੀ ਪੰਜਾਬ ਨਾਲ ਵਿਸ਼ਵਾਸਘਾਤ ਕੀਤਾ।