- SIT ਹੁਣ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ‘ਚ
ਚੰਡੀਗੜ੍ਹ,9 ਜਨਵਰੀ : ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਹੁਣ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਇਹ ਗੈਂਗਸਟਰ ਉੱਥੇ ਦੀ ਜੇਲ੍ਹ ਵਿੱਚ ਸੀ। ਸਭ ਤੋਂ ਪਹਿਲਾਂ SIT ਨੂੰ ਇਹ ਪਤਾ ਲਗਾਉਣਾ ਹੋਵੇਗਾ ਕਿ ਉਸ ਦੀ ਇੰਟਰਵਿਊ ਕਿਸ ਜੇਲ੍ਹ ਤੋਂ ਹੋਈ ਸੀ। ਇਸ ਸਬੰਧੀ ਜੇਲ੍ਹ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਅਦਾਲਤ ਵਿੱਚ ਕੱਲ੍ਹ 10 ਜਨਵਰੀ ਨੂੰ ਇੱਕ ਹੋਰ ਸੁਣਵਾਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਪ੍ਰਸਾਰਿਤ ਹੋਇਆ ਸੀ। ਹਾਲਾਂਕਿ ਉਸ ਸਮੇਂ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਹੋ ਗਏ ਸਨ। ਫਿਰ ਪੁਲਿਸ ਨੇ ਪ੍ਰੈਸ ਕਾਨਫਰੰਸ ਕੀਤੀ ਸੀ, ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਇਹ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਡਰੱਗ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਹੁਣ ਉਹ ਆਉਣ ਵਾਲੇ ਸਮੇਂ ‘ਚ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਦਰਜ ਕੇਸਾਂ ‘ਚ ਸਰੀਰਕ ਤੌਰ ‘ਤੇ ਪੇਸ਼ ਨਹੀਂ ਹੋਵੇਗਾ। ਉਸ ਦੀ ਪੇਸ਼ੀ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾ ਰਹੀ ਹੈ। ਕਿਉਂਕਿ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਉਸ ‘ਤੇ ਸੀਆਰਪੀਸੀ ਦੀ ਧਾਰਾ 268 ਲਗਾਈ ਹੈ। ਗੁਜਰਾਤ ਪੁਲਿਸ ਨੇ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਦਿੱਤੀ ਹੈ।