ਚੰਡੀਗੜ੍ਹ, 15 ਨਵੰਬਰ 2024 : ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ, ਚੰਡੀਗੜ੍ਹ ਪੰਜਾਬ ਦਾ ਹੈ ਤੇ ਬਣਿਆ ਵੀ ਪੰਜਾਬੀਆਂ ਲਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।