- ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ
ਚੰਡੀਗੜ੍ਹ, 4 ਮਾਰਚ : ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।