ਚੰਡੀਗੜ੍ਹ, 24 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਬੇਅਦਬੀ ਦੇ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਦੋਸ਼ੀ ਨੇ ਸਰੇਆਮ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ ਅਤੇ ਅਜਿਹੇ ਵਿਅਕਤੀ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀ ਜਾਣਾ ਚਾਹੀਦਾ ਹੈ। ਉਨ੍ਹਾਂ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਇਸ ਘਟਨਾ ਨੂੰ ਪਿੱਛੇ ਬੈਠ ਕੇ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦਿਆਂ `ਤੇ ਇਨਸਾਫ਼ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਵਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ ਹੈ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿਚ ਡਰ ਖ਼ਤਮ ਹੋ ਚੁੱਕਾ ਹੈ। ਜੇ ਪਿਛਲੇ ਬੇਅਦਬੀ ਮਾਮਲਿਆਂ ਵਿਚ ਸ਼ਾਮਿਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਕਿਸੇ ਦੀ ਦੁਬਾਰਾ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਹੁੰਦੀ। ਸ: ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੁੜ-ਮੁੜ ਵਾਪਰ ਰਹੀਆਂ ਘਟਨਾਵਾਂ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚ ਰਹੀ ਹੈ ਅਜਿਹੇ ਵਿਚ ਭਗਵੰਤ ਮਾਨ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।