ਚੰਡੀਗੜ੍ਹ, 10 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਦੇ ਨਜ਼ਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਸਖ਼ਤੀ ਤੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਆਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਆਪਣੀਆਂ ਨਾਕਾਮੀਆਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੱਸਣ ਕਿ ਉਹ ਆਪਣੇ ਵਾਅਦੇ ਦੇ ਬਾਵਜੂਦ ਝੋਨੇ ਦੀ ਰਹਿੰਦ ਖੂੰਦ ਦੇ ਪ੍ਰਬੰਧ ਲਈ ਕਿਸਾਨਾਂ ਨੂੰ 2500 ਪ੍ਰਤੀ ਏਕੜ ਨਗਦ ਪ੍ਰੋਤਸਾਹਨ ਦੇਣ ਵਿੱਚ ਅਸਫਲ ਕਿਉਂ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਹ ਲਗਾਤਾਰ ਦੋ ਸੀਜ਼ਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਮੂੰਗੀ ਦੀ ਫ਼ਸਲ ਖਰੀਦਣ ਦੇ ਆਪਣੇ ਵਾਅਦੇ ਤੋਂ ਕਿਉਂ ਮੁਕਰ ਗਏ।ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਫਸਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਮੁਹੱਈਆ ਕਰਵਾਉਣ 'ਚ ਵੀ ਅਸਫ਼ਲ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਕਿਸਾਨ ਛੋਟੇ ਅਤੇ ਸੀਮਾਂਤ ਹਨ। ਉਹ ਮਹਿੰਗੀ ਮਸ਼ੀਨਰੀ ਨਹੀਂ ਖਰੀਦ ਸਕਦੇ। ਹਾਲਾਂਕਿ, ਜ਼ਿਆਦਾ ਜ਼ਮੀਨ ਵਾਲੇ ਕਿਸਾਨਾਂ ਨੇ ਅਜਿਹੀਆਂ ਮਸ਼ੀਨਾਂ ਖਰੀਦੀਆਂ ਹਨ। ਮਾਨ ਸਰਕਾਰ ਸਹਿਕਾਰੀ ਸਭਾਵਾਂ ਰਾਹੀਂ ਅਜਿਹੇ ਕਿਸਾਨਾਂ ਲਈ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਬੁਰੀ ਤਰ੍ਹਾਂ ਸਫ਼ਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ 'ਤੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਪਰਾਲੀ ਸਾੜਨ ਲਈ ਸਿਰਫ਼ ਕਿਸਾਨ ਜ਼ਿੰਮੇਵਾਰ ਨਹੀਂ ਹਨ। ਬਾਜਵਾ ਨੇ ਕਿਹਾ ਕਿ ਇਹ ਇਕ ਨੀਤੀਗਤ ਮਾਮਲਾ ਹੈ ਜਿਸ ਦੀ 'ਆਪ' ਸਰਕਾਰ ਕੋਲ ਘਾਟ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ 'ਆਪ' ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਕੁਇੰਟਲ ਪ੍ਰੋਤਸਾਹਨ ਦੇਣ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਵੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਹਮੇਸ਼ਾ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਨੇ ਅਜੇ ਤੱਕ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਹੈ ਜਿਨ੍ਹਾਂ ਦੀ ਝੋਨੇ ਦੀ ਫਸਲ ਪੰਜਾਬ ਵਿੱਚ ਹੜ੍ਹਾਂ ਨਾਲ ਤਬਾਹ ਹੋ ਗਈ ਸੀ। ਉਨ੍ਹਾਂ ਨੇ ਕਿਸਾਨਾਂ ਦੀ ਦੁਰਦਸ਼ਾ 'ਤੇ ਵੀ ਜਾਅਲੀ ਪ੍ਰਚਾਰ ਦੀ ਕੋਸ਼ਿਸ਼ ਕੀਤੀ।