ਚੰਡੀਗੜ੍ਹ, 09 ਮਈ : ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਨਾ ਆਮ ਆਦਮੀ ਪਾਰਟੀ ਦੀ ਬੈਚੇਨੀ ਨੂੰ ੳਜਾਗਰ ਕਰਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਜਿਮਨੀ ਚੋਣ ਵਿੱਚ ਆਪਣੀ ਹਾਰ ਨੁੰ ਦੇਖਦਿਆਂ ਆਪ ਲੀਡਰਸ਼ਿਪ ਵਿਰੋਧੀਆਂ ‘ਤੇ ਝੂਠੇ ਕੇਸ ਪਾ ਕੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਧਾਇਕ ਪਾਹੜਾ ਦੇ ਨਾਲ ਹੈ ਅਤੇ ਝੂਠੇ ਕੇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਬਦਲਾਖੋਰੀ ਦੀ ਰਾਜਨੀਤੀ ਤਹਿਤ ਆਗੂਆਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਨੰਗਾ ਕਰੇਗੀ। ਵੜਿੰਗ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਤੇ ਝੂਠਾ ਪਰਚਾ ਕਰਨ ਤੋਂ ਇਲਾਵਾ ਆਪ ਵੱਲੋਂ ਉਨ੍ਹਾਂ ਨੂੰ ਧਮਕਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਰਾਜਾ ਵੜਿੰਗ ਨੇ ਆਪ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਆਪਣੇ 14 ਮਹੀਨਿਆਂ ਦੇ ਸਮੇਂ ‘ਚ ਆਪਣੇ ਵਾਅਦਿਆਂ ਅਤੇ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪ ਜਲੰਧਰ ਜਿਮਨੀ ਚੋਣ ‘ਚ ਆਪਣੀ ਹਾਰ ਤੋਂ ਘਬਰਾ ਕੇ ਵਿਰੋਧੀ ਲੀਡਰਸ਼ਿਪ ਦਾ ਅਕਸ ਖਰਾਬ ਕਰਨ ਲਈ ਇਸ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੋਟਰਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਲੰਧਰ ਦੇ ਲੋਕ ਆਪ ਵੱਲੋਂ ਕੀਤੇ ਧੋਖੇ ਅਤੇ ਝੂਠ ਲਈ ਸਬਕ ਜਰੂਰ ਸਿਖਾਉਣਗੇ।