ਚੰਡੀਗੜ੍ਹ, 7 ਮਾਰਚ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 24 ਵਾਂ ਦਿਨ ਹੈ। ਹੁਣ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਨਵੀਂ ਪਟੀਸ਼ਨ ਦਰਜ ਕੀਤੀ ਗਈ ਹੈ, ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਕੀਤੀ ਗਈ ਹੈ।ਉਨ੍ਹਾਂ ਨੇ ਪਟੀਸ਼ਨ ‘ਚ ਮੰਗ ਕੀਤੀ ਹੈ ਕਿ 21 ਫਰਵਰੀ ਨੂੰ ਪੰਜਾਬ ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਜਾਂਚ ਕੀਤੀ ਜਾਵੇ। ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਫੌਜ ਵੱਲੋਂ ਹਥਿਆਰਾਂ ਦੀ ਵਰਤੋਂ ਨਿਹੱਥੇ ਕਿਸਾਨਾਂ ‘ਤੇ ਕੀਤੀ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਦੀ ਸੁਣਵਾਈ ਅੱਜ 7 ਮਾਰਚ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਅਤੇ ਸੀ.ਆਰ.ਪੀ.ਐਫ ਨੇ ਪੰਜਾਬ ਦੇ ਇਲਾਕੇ ‘ਚ ਦਾਖਲ ਹੋ ਕੇ ਨਿਹੱਥੇ ਕਿਸਾਨਾਂ ‘ਤੇ ਕਾਰਵਾਈ ਕੀਤੀ ਹੈ। ਇਸ ਵਿੱਚ ਕਿਸਾਨਾਂ ਦੀ ਜਾਨ ਵੀ ਚਲੀ ਗਈ। ਇਸ ਕਾਰਨ 250 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ ਹਨ। ਪੈਲੇਟ ਗੰਨ ਦੀ ਵਰਤੋਂ ਨਾਲ ਉਹਨਾਂ ਦੀਆਂ ਅੱਖਾਂ ਅਤੇ ਸਰੀਰ ਨੂੰ ਕਾਫੀ ਨੁਕਸਾਨ ਪਹੁੰਚਿਆ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ। ਅਜਿਹੇ ‘ਚ ਇਹ ਮਾਮਲਾ ਗੰਭੀਰ ਹੈ। ਇਸ ਦੀ ਜਾਂਚ ਜ਼ਰੂਰੀ ਹੈ। ਉਨ੍ਹਾਂ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਆਜ਼ਾਦ ਕਮਿਸ਼ਨ ਗਠਿਤ ਕਰਕੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ।