ਚੰਡੀਗੜ੍ਹ,24 ਜਨਵਰੀ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਕੇਡਰ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਬਣਾਇਆ ਹੈ। ਚੇਅਰਮੈਨ ਦੇ ਅਹੁਦੇ ਲਈ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਕੈਬਨਿਟ ਵਿੱਚ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੀ ਗਈ । ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ’ਤੇ ਆਪਣੀ ਪ੍ਰਵਾਨਗੀ ਦੀ ਮੋਹਰ ਲਗਾ ਦਿੱਤੀ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਸੀ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਦਿੱਕਤ ਆ ਰਹੀ ਸੀ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਸਪੀ ਅਤੇ ਐਸਐਸਪੀ ਵਜੋਂ ਸੇਵਾਵਾਂ ਨਿਭਾਉਣ ਵਾਲੇ 1997 ਬੈਚ ਦੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਪਿਛਲੇ ਸਾਲ ਪੰਜਾਬ ਪੁਲੀਸ ਤੋਂ ਏਡੀਜੀਪੀ ਇੰਟੈਲੀਜੈਂਸ ਵਜੋਂ ਸੇਵਾਮੁਕਤ ਹੋਏ ਸਨ। ਉਹ ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਰੇਂਜ ਵਿੱਚ ਡੀਆਈਜੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਜਨਵਰੀ ਵਿੱਚ ਹੀ ਉਹ ਏਡੀਜੀਪੀ ਇੰਟੈਲੀਜੈਂਸ ਬਣੇ ਸਨ।