ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਚੌਥੀ ਵਾਰ ਐਲਾਨਿਆ ਐਸਜੀਪੀਸੀ ਦੇ ਪ੍ਰਧਾਨ ਲਈ ਉਮੀਦਵਾਰ

  • ਧਾਮੀ ਨੇ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਥੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਧਾਮੀ ਨੇ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਧਾਮੀ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ 2020 ਵਿੱਚ ਮੁੱਖ ਸਕੱਤਰ ਵੱਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ 2021 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਪ੍ਰਧਾਨ ਚੁਣੇ ਗਏ ਸਨ। ਇਸ ਸਮੇਂ ਧਾਮੀ ਨੇ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾਇਆ ਸੀ। ਇਸ ਤੋਂ ਬਾਅਦ 2022 ਵਿੱਚ ਉਹਨਾਂ ਨੇ ਵਿਰੋਧੀ ਧਿਰ ਦੀ ਉਮੀਦਵਾਰ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਰਾਇਆ। ਜੇਕਰ ਗੱਲ ਕਰਿਏ 2023 ਦੀ ਤਾਂ ਇਸ ਸਮੇਂ ਵੀ ਧਾਮੀ ਨੇ ਬਲਬੀਰ ਸਿੰਘ ਘੁੰਨਸ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਇਸ ਵਾਰ ਵੀ ਵਿਰੋਧੀ ਧਿਰਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ।