ਚੰਡੀਗੜ੍ਹ, 09 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਸਰਕਾਰ ਵੱਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦੇ ਲਏ ਸਟੈਂਡ ਨੂੰ ਸ਼੍ਰੋਮਣੀ ਅਕਾਲ਼ੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਉਹ ਪੰਜਾਬ ਦੇ ਕਿਸਾਨਾਂ ਵਿੱਚ ਵਾਰ ਵਾਰ ਛੁਰਾ ਕਿਉਂ ਮਾਰ ਰਹੇ ਹਨ। ਬਿਕਰਮ ਸਿੰਘ ਮਜੀਠੀਆ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਸੁਪਰੀਮ ਕੋਰਟ ਵਿਚ ਪਰਾਲੀ ਸਾੜਨ ਦੇ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਲਏ ਸਟੈਂਡ ਨੇ ਸਾਰੇ ਪੰਜਾਬੀਆਂ ਨੂੰ ਹੈਰਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਵਾਸਤੇ ਝੋਨੇ ’ਤੇ ਐੱਮਐੱਸਪੀ ਬੰਦ ਕਰਨ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਐੱਮਐੱਸਪੀ ’ਤੇ ਖਰੀਦਣ ਦਾ ਵਾਅਦਾ ਕਰ ਕੇ ਧੋਖਾ ਕੀਤਾ ਸੀ ਤੇ ਜਦੋਂ ਕਿਸਾਨਾਂ ਨੇ ਉਹਨਾਂ ਦੇ ਕਹੇ ’ਤੇ ਵਿਸ਼ਵਾਸ ਕਰ ਕੇ ਆਪਣੇ ਖੇਤਾਂ ਵਿਚ ਮੂੰਗੀ ਦੀ ਫਸਲ ਬੀਜੀ ਤਾਂ 85 ਫੀਸਦੀ ਤੋਂ ਜ਼ਿਆਦਾ ਦੀ ਖਰੀਦ ਐੱਮਐੱਸਪੀ ’ਤੇ ਨਹੀਂ ਖਰੀਦੀ ਗਈ ਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਾਸਤੇ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਭਗਵੰਤ ਮਾਨ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੋਵੇ। ਉਹਨਾਂ ਨੇ ਵਾਰ-ਵਾਰ ਕਿਸਾਨਾਂ ਨਾਲ ਧੋਖਾ ਕੀਤਾ ਹੈ। ਪਿਛਲੇ ਡੇਢ ਸਾਲਾਂ ਵਿਚ ਉਹਨਾਂ ਦੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਕਿਸਾਨਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਬਾਅਦ ਵਿਚ ਉਹਨਾਂ ਮੂੰਗੀ ਦੇ ਫਸਲ ਦੇ ਮਾਮਲੇ ’ਤੇ ਕਿਸਾਨਾਂ ਨਾਲ ਧੋਖਾ ਕੀਤਾ ਤੇ ਫਿਰ ਮੌਨਸੂਨ ਸੀਜ਼ਨ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮਾਮਲੇ ਵਿਚ ਕਿਸਾਨਾਂ ਨਾਲ ਧੋਖਾ ਕੀਤਾ। ਉਹਨਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਆਪ ਕਿਸਾਨ ਦਾ ਪੁੱਤਰ ਹੋਣ ਦਾ ਦਾਅਵਾ ਕਰਦੇ ਹਨ ਪਰ ਉਹਨਾਂ ਨੇ ਵਾਰ-ਵਾਰ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਕੋਈ ਇਕ ਵੀ ਮੰਗ ਸਰਕਾਰ ਨੇ ਨਹੀਂ ਮੰਨੀ। ਅਕਾਲੀ ਆਗੂ ਨੇ ਕਿਹਾ ਕਿ ਝੋਨੇ ’ਤੇ ਐੱਮਐੱਸਪੀ ਰੋਕਣ ਦੀ ਮੰਗ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਉਹਨਾਂ ਕਿਸਾਨਾਂ ’ਤੇ ਪਰਚੇ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ ਜਿਹਨਾਂ ਨੇ ਪਰਾਲੀ ਸਾੜੀ ਤੇ ਆਪ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ ਵਾਸਤੇ ਲੋੜੀਂਦੀ ਮਸ਼ੀਨਰੀ ਪ੍ਰਦਾਨ ਕਰਨ ਵਿਚ ਨਾਕਾਮ ਰਹੀ ਹੈ।ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤੇ ਕਰਵਾਇਆ ਕਿ ਪੰਜਾਬੀਆਂ ਨੇ ਉਹਨਾਂ ਨੂੰ ਮੁੱਖ ਮੰਤਰੀ ਚੁਣਿਆ ਹੈ ਨਾ ਕਿ ਦਿੱਲੀ ਦੇ ਲੋਕਾਂ ਨੇ ਚੁਣਿਆ ਹੈ। ਉਹਨਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਪੰਜਾਬੀਆਂ ਤੇ ਪੰਜਾਬ ਦੇ ਕਿਸਾਨਾਂ ਦੀ ਬੇਹਤਰੀ ਵਾਸਤੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ ਨਾ ਕਿ ਅਰਵਿੰਦ ਕੇਜਰੀਵਾਲ ਦੀ ਸੇਵਾ ਹੀ ਕਰਦੇ ਰਹਿਣਾ ਚਾਹੀਦਾ ਹੈ।