ਚੰਡੀਗੜ੍ਹ, 3 ਫਰਵਰੀ : ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਸੱਤਾ ਦੇ ਨਸ਼ੇ ‘ਚ ਧੁੱਤ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਦਿੱਲੀ ਦੀ ਕਠਪੁਤਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਫੈਸਲਿਆਂ ਵਿਰੁੱਧ ਕਿਸਾਨਾਂ ਅਤੇ ਪੰਜਾਬ ਦੇ ਦੁੱਖੀ ਵਰਗਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਉਨ੍ਹਾਂ ‘ਤੇ ਕੀਤੇ ਗਏ ਜਬਰ ਅਤੇ ਜ਼ੁਲਮ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਸੰਗਰੂਰ ਵਿਖੇ ਕਠਪੁਤਲੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਯੂਨੀਅਨ ਦੇ ਕਾਰਕੁਨਾਂ, ਵਿਰੋਧੀ ਧਿਰ ਦੇ ਨੇਤਾਵਾਂ, ਨੌਜਵਾਨਾਂ ਅਤੇ ਆਮ ਨਾਗਰਿਕਾਂ ‘ਤੇ ਕੀਤੀ ਗਈ ਕਾਰਵਾਈ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਉਸਦੇ ਸੂਬੇਦਾਰਾਂ ਦੀ ਤਾਨਾਸ਼ਾਹੀ ਦਾ ਪ੍ਰਤੱਖ ਪ੍ਰਮਾਣ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਿਧਾਂਤਕ ਮੁੱਲਾਂ ‘ਤੇ ਖੜ੍ਹੇ ਰਹਿ ਕੇ ਹਮੇਸ਼ਾ ਬੁਨਿਆਦੀ ਜਮਹੂਰੀ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਦੀ ਹਿਮਾਇਤ ਕੀਤੀ ਹੈ। ਰਾਜਨੀਤਿਕ ਮਤਭੇਦਾਂ ਦੇ ਆਧਾਰ ‘ਤੇ ਸਰਕਾਰੀ ਸ਼ਕਤੀ ਦੀ ਦੁਰਵਰਤੋਂ ਕਰਕੇ ਮਨੁੱਖੀ ਅਧਿਕਾਰਾਂ ਨੂੰ ਦਬਾਉਣਾ ਘੋਰ ਨਿੰਦਣਯੋਗ ਹੈ। ਪ੍ਰੈਸ ਦੀ ਆਜ਼ਾਦੀ ਤੋਂ ਬਿਨਾਂ ਲੋਕਤੰਤਰ ਕਦੇ ਵੀ ਸੰਭਵ ਨਹੀਂ ਹੈ ਤੇ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਵਿਰੁੱਧ ਪੁਲਿਸ ਦੇ ਹੱਥਕੰਡੇ ਅਪਣਾਉਣ ਦੀ ਵੀ ਮੈਂ ਨਿੰਦਾ ਕਰਦਾ ਹਾਂ।