- ਦੇਸ਼ ਦੀ ਜਨਤਾ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ: ਵਿਜੇ ਰੁਪਾਣੀ
- ਵਿਜੇ ਰੂਪਾਨੀ ਨੇ ਭਾਜਪਾ ਦੇ ਸੂਬਾਈ ਅਧਿਕਾਰੀਆਂ, ਇੰਚਾਰਜਾਂ, ਸਹਿ-ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ।
ਚੰਡੀਗੜ੍ਹ, 3 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਜ਼ਿਲ੍ਹਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਬੀ.ਜੇ.ਪੀ. ਦੇ ਪ੍ਰਭਾਰੀ ਵਿਜੇ ਰੁਪਾਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਭਾਜਪਾ ਹੈੱਡਕੁਆਰਟਰ ਪੁੱਜਣ 'ਤੇ ਵਿਜੇ ਰੁਪਾਣੀ ਤੇ ਹੋਰਨਾ ਆਗੂਆਂ ਦਾ ਫੁੱਲਾਂ ਦੇ ਗੁਲਦਸਤੇ ਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ)ਸ਼੍ਰੀਮੰਥਰੀ ਸ੍ਰੀਨਿਵਾਸਲੂ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੂਬਾ ਜਨਰਲ ਸਕੱਤਰ ਡਾ: ਜਗਮੋਹਨ ਸਿੰਘ ਰਾਜੂ ਸਾਬਕਾ ਆਈ.ਏ.ਐਸ., ਦਿਆਲ ਸੋਢੀ, ਰਾਕੇਸ਼ ਰਾਠੌਰ, ਪਰਮਿੰਦਰ ਬਰਾੜ ਆਦਿ ਵੀ ਹਾਜ਼ਰ ਸਨ। ਭਾਜਪਾ ਹੈੱਡਕੁਆਰਟਰ ਵਿਖੇ ਦਿਨ ਭਰ ਚੱਲੇ ਪ੍ਰੋਗਰਾਮ ਦੌਰਾਨ ਸੂਬਾ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰ ਕੇ ਅਤੇ ਵੰਦੇ ਮਾਤਰਮ ਦੇ ਗਾਇਨ ਨਾਲ ਹੋਈ। ਸਵੇਰੇ ਤੋਂ ਸੂਬਾਈ ਅਧਿਕਾਰੀਆਂ, ਸੂਬਾ ਮੋਰਚੇ ਦੇ ਪ੍ਰਧਾਨਾਂ, ਸੂਬਾ ਸੈੱਲਾਂ ਦੇ ਕਨਵੀਨਰਾਂ, ਜ਼ਿਲ੍ਹਾ ਪ੍ਰ੍ਭਾਰੀਆਂ, ਸਹਿ-ਪ੍ਰ੍ਭਾਰੀਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ, ਜੋ ਸ਼ਾਮ ਤੱਕ ਜਾਰੀ ਰਹੀ। ਵਿਜੇ ਰੂਪਾਨੀ ਨੇ ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜੋਸ਼ ਭਰਦੀਆਂ ਕਿਹਾ ਕਿ ਲੋਕਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਭਾਰਤ ਦੇ ਵਿਕਾਸ ਦਾ ਜਾਦੂ ਅੱਜ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਬੋਲ ਰਿਹਾ ਹੈ। ਦੇਸ਼ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਭਾਜਪਾ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਖ਼ਤਮ ਕਰ ਦਿੱਤਾ ਹੈ। ਮਾਣਯੋਗ ਅਦਾਲਤ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਅਯੁੱਧਿਆ 'ਚ ਭਗਵਾਨ ਸ਼੍ਰੀ ਰਾਮ ਮੰਦਰ ਦਾ ਸ਼ਾਨਦਾਰ ਨਿਰਮਾਣ ਸ਼ੁਰੂ ਕੀਤਾ ਗਿਆ ਸੀ, ਜਿਸ 'ਚ 22 ਜਨਵਰੀ 2024 ਨੂੰ ਸ਼੍ਰੀ ਰਾਮ ਲੱਲਾ ਦੀ ਪ੍ਰਾਨ ਪ੍ਰਤਿਸ਼ਠਾ ਹੋਣੀ ਹੈ। ਦੁਨੀਆ ਦੇ ਸਾਰੇ ਸਨਾਤਨੀਆਂ ਲਈ ਇਹ ਇਤਿਹਾਸਕ ਪਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਹਨ, ਜਿਸ ਦਾ ਸਬੂਤ ਵਿਸ਼ਵ ਮੀਡੀਆ ਕਈ ਵਾਰ ਦੇ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜੇਗੀ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਾਡੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿੱਚ ਭਾਰਤ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਬਣ ਚੁੱਕਾ ਹੈ। ਸ਼੍ਰੀਮੰਥਰੀ ਸ਼੍ਰੀਨਿਵਾਸਲੂ ਨੇ ਭਾਜਪਾ ਵਰਕਰਾਂ ਨੂੰ ਜਥੇਬੰਦਕ ਢਾਂਚੇ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਬੂਥ ਪੱਧਰ ਤੱਕ ਦੇ ਢਾਂਚੇ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਸੂਬੇ ਦੇ ਹਰ ਵੋਟਰ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਭਾਜਪਾ ਦੀਆਂ ਭਲਾਈ ਸਕੀਮਾਂ, ਨੀਤੀਆਂ ਅਤੇ ਇਰਾਦਿਆਂ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਉਹਨਾਂ ਨੂੰ ਭਾਜਪਾ ਨਾਲ ਜੋੜਨ ਲਈ ਕਿਹਾ। ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ: ਨਰੇਂਦਰ ਸਿੰਘ ਰੈਨਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੁਨੀਆ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਹਨ, ਜਿਨ੍ਹਾਂ ਦੀ ਲੋਕਪ੍ਰਿਅਤਾ ਦਿਨੋਂ-ਦਿਨ ਵੱਧ ਰਹੀ ਹੈ। ਅੱਜ ਦੁਨੀਆ ਦੇ ਸਾਰੇ ਦੇਸ਼ ਪ੍ਰਧਾਨਮੰਤਰੀ ਮੋਦੀ ਦੀ ਸਲਾਹ ਲੈਂਦੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਦੇਸ਼ ਨੂੰ ਤੇਜੀ ਨਾਲ ਵਿਕਾਸ ਦੀ ਗਤੀ 'ਤੇ ਅੱਗੇ ਲਿਜਾਇਆ ਹੈ, ਉੱਥੇ ਹੀ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਆਪਣਾ ਫਰਜ਼ ਵੀ ਪੂਰੀ ਤਨਦੇਹੀ ਨਾਲ ਨਿਭਾਇਆ ਹੈ ।ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਭਾਰਤ ਦੀ 82 ਕਰੋੜ ਆਬਾਦੀ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਅਗਲੇ ਪੰਜ ਸਾਲਾਂ ਲਈ ਵਿਸਥਾਰ ਕਰ ਦਿੱਤਾ ਹੈ।