ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ : ਖੁੱਡੀਆਂ

  • 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ
  • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 13 ਮਾਰਚ : ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ ‘ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।