ਚੰਡੀਗੜ੍ਹ, 7 ਫਰਵਰੀ : ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਈਡੀ ਤੋਂ ਬਾਅਦ ਹੁਣ ਰਾਊਜ਼ ਐਵੇਨਿਊ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਊਜ਼ ਐਵੇਨਿਊ ਕੋਰਟ ਦੇ ਨੋਟਿਸ ‘ਤੇ ਅਸੀਂ ਕੋਰਟ ਦੇ ਹੁਕਮਾਂ ਦਾ ਅਧਿਐਨ ਕਰ ਰਹੇ ਹਾਂ, ਕਾਨੂੰਨ ਮੁਤਾਬਕ ਕਦਮ ਚੁੱਕਾਂਗੇ, ਕੋਰਟ ਨੂੰ ਦੱਸਾਂਗੇ ਕਿ ED ਦੇ ਸਾਰੇ ਸੰਮਨ ਕਿਵੇਂ ਗ਼ੈਰ-ਕਾਨੂੰਨੀ ਸਨ। ਦੱਸ ਦੇਈਏ ਕਿ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਈਡੀ ਦੀ ਸ਼ਿਕਾਇਤ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਕੋਰਟ ਦਾ ਕਹਿਣਾ ਹੈ ਕਿ ਈਡੀ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ ਪਰ ਉਹ ਸੰਮਨ ਦਾ ਪਾਲਣ ਨਹੀਂ ਕਰ ਰਹੇ ਹਨ। ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ ਈਡੀ ਦੀ ਅਰਜ਼ੀ ‘ਤੇ 17 ਫਰਵਰੀ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।