ਸਟੇਟ ਲੋਕ ਅਦਾਲਤ ਵਿੱਚ 28 ਕੇਸਾਂ ਦਾ ਮੌਕੇ ’ਤੇ ਹੀ ਕੀਤਾ ਗਿਆ ਨਿਪਟਾਰਾ 

  • ਦੋ ਬੈਂਚਾਂ ਵੱਲੋਂ 75 ਲੱਖ 80 ਹਜ਼ਾਰ 543 ਰੁਪਏ ਦੇ ਐਵਾਰਡ ਪਾਸ ਕੀਤੇ ਗਏ

ਹੁਸ਼ਿਆਰਪੁਰ, 15 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਸਟੇਟ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਮੋਟਰ ਦੁਰਘਟਨਾ ਦੇ ਦਾਅਵਿਆਂ ਦੇ ਨਿਪਟਾਰੇ, ਜ਼ਮੀਨ ਪ੍ਰਾਪਤੀ ਅਤੇ ਘਰੇਲੂ ਝਗੜਿਆਂ ਨਾਲ ਸਬੰਧਤ ਕੇਸ ਰੱਖੇ ਗਏ। ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਲਗਾਈ ਗਈ ਇਸ ਲੋਕ ਅਦਾਲਤ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੀ.ਐਮ.ਸ਼ਰਮਾ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਡਾ. ਗੋਪਾਲ ਅਰੋੜਾ ਦੀ ਅਗਵਾਈ ਵਿਚ ਦੋ ਬੈਂਚਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ 50 ਕੇਸ ਆਏ ਅਤੇ 28 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 75 ਲੱਖ 80 ਹਜ਼ਾਰ 543 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਵਿੱਚ ਵੱਧ ਤੋਂ ਵੱਧ ਕੇਸ ਦਾਇਰ ਕਰਨ, ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਦੀਵਾਨੀ ੜਿਕਰੀ ਵਜੋਂ ਮਾਨਤਾ ਪ੍ਰਾਪਤ ਹਨ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਵਿਰੁੱਧ ਕੋਈ ਅਪੀਲ ਨਹੀਂ ਹੈ ਅਤੇ ਇਹ ਅੰਤਿਮ ਫੈਸਲਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾਵੇਗੀ।