ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਤੇਜ਼ ਕੀਤੀਆਂ ਤਿਆਰੀਆਂ

  • ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ
  • ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ, ਲੋਕਾਂ ਦਾ ਸਮਰਥਨ ਆਮ ਆਦਮੀ ਪਾਰਟੀ ਨਾਲ ਹੈ- ਹਰਚੰਦ ਸਿੰਘ ਬਰਸਟ

ਜਲੰਧਰ, 2 ਮਾਰਚ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।  ਵੀਰਵਾਰ ਨੂੰ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਸੁਝਾਅ ਲਏ ਅਤੇ ਚੋਣ ਰਣਨੀਤੀ 'ਤੇ ਚਰਚਾ ਕੀਤੀ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਥਾਨਕ ਆਗੂਆਂ ਤੋਂ ਮਿਲੇ ਫੀਡਬੈਕ ਵਿੱਚ ਦੱਸਿਆ ਗਿਆ ਕਿ ਹਜ਼ਾਰਾਂ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫਤ ਬਿਜਲੀ, ਚੰਗੀਆਂ ਸਿਹਤ ਸੇਵਾਵਾਂ ਅਤੇ ਰੁਜ਼ਗਾਰ ਤੋਂ ਲੋਕ ਬਹੁਤ ਖੁਸ਼ ਹਨ। ਮਾਨ ਸਰਕਾਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਰਹੀ ਹੈ। ਭ੍ਰਿਸ਼ਟ ਅਫਸਰਾਂ ਅਤੇ ਨੇਤਾਵਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅਸੀਂ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਆਪਣੇ ਵਿਧਾਇਕਾਂ 'ਤੇ ਵੀ ਕਾਰਵਾਈ ਕੀਤੀ ਹੈ। ਕੋਈ ਕਿੰਨਾ ਵੀ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ, ਜੇਕਰ ਉਹ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਜਲੰਧਰ ਵਿੱਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਬਲਾਕ ਅਤੇ ਬੂਥ ਪੱਧਰ ਤੱਕ ਬਹੁਤ ਮਜ਼ਬੂਤ ਹੈ। ਆਮ ਆਦਮੀ ਪਾਰਟੀ ਲੋਕ ਸਭਾ ਉਪ ਚੋਣ ਪੂਰੀ ਤਾਕਤ ਨਾਲ ਲੜੇਗੀ ਅਤੇ ਜਿੱਤੇਗੀ। ਆਮ ਆਦਮੀ ਪਾਰਟੀ ਆਮ ਲੋਕਾਂ ਲਈ ਕੰਮ ਕਰਦੀ ਹੈ, ਇਸ ਲਈ ਆਮ ਲੋਕਾਂ ਦਾ ਸਮਰਥਨ ਸਾਡੇ ਨਾਲ ਹੈ। ਵਿਰੋਧੀ ਪਾਰਟੀਆਂ 'ਤੇ ਹਮਲਾਵਰ ਹੁੰਦਿਆਂ ਬਰਸਟ ਨੇ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਨੇ ਪੰਜਾਬ 'ਚ ਗੈਂਗਸਟਰਵਾਦ ਅਤੇ ਮਾਫੀਆ ਨੂੰ ਬੜ੍ਹਾਵਾ ਦਿੱਤਾ ਹੈ। ਭਾਜਪਾ ਆਮ ਆਦਮੀ ਪਾਰਟੀ ਨੂੰ ਦਬਾਉਣਾ ਚਾਹੁੰਦੀ ਹੈ, ਪਰ ਅਸੀਂ ਡਰਨ ਵਾਲੇ ਨਹੀਂ।  ਭਾਜਪਾ ਜਾਤੀ-ਧਰਮ ਦੀ ਰਾਜਨੀਤੀ ਕਰਕੇ ਦੇਸ਼ ਵਿੱਚ ਨਫ਼ਰਤ ਫੈਲਾਉਂਦੀ ਹੈ। ਭਾਜਪਾ ਕੋਲ ਪੰਜਾਬ ਲਈ ਕੋਈ ਰੋਡਮੈਪ ਨਹੀਂ ਹੈ।