ਨਗਰ ਨਿਗਮ ਹੁਸ਼ਿਆਰਪੁਰ ’ਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ

  • ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਦਾ ਮਿਲਿਆ ਢੁੱਕਵਾਂ ਜਵਾਬ
  • ਆਮ ਆਦਮੀ ਪਾਰਟੀ ਨੂੰ ਮਿਲੇ ਬਹੁਮਤ ਨੇ ਲਗਾਈ ਮੁੱਖ ਮੰਤਰੀ ਦੀ ਪ੍ਰਗਤੀਸ਼ੀਲ ਸੋਚ ’ਤੇ ਮੋਹਰ : ਬ੍ਰਮ ਸ਼ੰਕਰ ਜਿੰਪਾ
  • ਕਿਹਾ, ਨਗਰ ਨਿਗਮ ਦੀ ਉਪ ਚੋਣ ’ਚ ਵੀ ਪਾਰਟੀ ਹਾਸਲ ਕਰੇਗੀ ਵੱਡੀ ਜਿੱਤ

ਹੁਸ਼ਿਆਰਪੁਰ, 18 ਅਗਸਤ : ਨਗਰ ਨਿਗਮ ਹੁਸ਼ਿਆਰਪੁਰ ਵਿਚ ਆਮ ਆਦਮੀ ਪਾਰਟੀ ਖਿਲਾਫ਼ ਵਿਰੋਧੀ ਧਿਰ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਖਿਲਾਫ਼ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਿਚ ਵਿਰੋਧੀਆਂ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਅੱਜ ਕਰਾਰਾ ਜਵਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬੇਭਰੋਸਗੀ ਮਤੇ ਖਿਲਾਫ਼ ਨਿਗਮ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਬਹੁਮਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਗਤੀਸ਼ੀਲ ਸੋਚ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਭਾਜਪਾ-ਕਾਂਗਰਸ ਦੇ ਵੱਡੇ ਲੀਡਰਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਵਿਕਾਸ ਦੀ ਸੋਚ ਰੱਖਣ ਵਾਲੀ ਨਗਰ ਨਿਗਮ ਨੂੰ ਤੋੜਨ ਲਈ ਪੂਰਾ ਜ਼ੋਰ ਲਗਾ ਦਿੱਤਾ, ਪਰੰਤੂ ਕੌਂਸਲਰਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਉਸ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਾ ਵਲੋਂ ਨਕਾਰੇ ਗਏ ਨੇਤਾ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਉਹ ਕਦੇ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕਦੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਕੌਸਲਰਾਂ ਨੇ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨੀ ਮਰਜ਼ੀ ਸਾਜਿਸ਼ ਕਰ ਲੈਣ ਪਰੰਤੂ ਜਿੱਤ ਹਮੇਸ਼ਾ ਸਚਾਈ ਦੀ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਹੁਸ਼ਿਆਰਪੁਰ ਵਿਚ ਤਿੰਨ ਵਾਰਡ 6, 7 ਅਤੇ 27 ਵਿਚ ਹੋਣ ਵਾਲੀਆਂ ਉਪ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੇ ਕੌਂਸਲਰ ਵੱਡੀ ਜਿੱਤ ਹਾਸਲ ਕਰਨਗੇ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸਾਰੇ ਵਾਰਡਾਂ ਦੇ ਲੋਕਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗਾ ਅਤੇ ਯਕੀਨੀ ਬਣਾਏਗਾ ਕਿ ਕਿਸੇ ਵੀ ਵਾਰਡ ਵਿਚ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਰਾਜਨੀਤੀ ਤੋਂ ਉਪਰ ਉਠ ਕੇ ਸਾਰੇ ਵਾਰਡਾਂ ਦਾ ਵਿਕਾਸ ਕਰਵਾਉਣਾ ਹੈ ਅਤੇ ਇਸੇ ਨੀਤੀ ’ਤੇ ਚੱਲਦਿਆਂ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਦੇ ਕੰਮ ਬਿਨਾਂ ਭੇਦਭਾਵ ਦੇ ਕਰਵਾਏ ਜਾਣਗੇ।