ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 01 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਹ ਹੁਕਮ 28 ਦਸੰਬਰ, 2023 ਤੱਕ ਲਾਗੂ ਰਹਿਣਗੇ।