ਨਵਾਂਸ਼ਹਿਰ, 20 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫ਼ਸਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ।