ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਪ੍ਰਸ਼ਾਸਨ ਵਚਨਬੱਧ : ਐਸ.ਡੀ.ਐਮ ਬੈਂਸ

  • ਕਿਹਾ, ਪਰਾਲੀ ਦਾ ਖੇਤਾਂ ’ਚ ਹੀ ਮਸ਼ੀਨਰੀ ਰਾਹੀਂ ਸਹੀ ਪ੍ਰਬੰਧਨ ਕਰਨ ਕਿਸਾਨ
  • ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਦੇ ਖੇਤੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 23 ਸਤੰਬਰ : ਐਸ.ਡੀ.ਐਮ ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਉਪ ਮੰਡਲ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਜਿਥੇ ਕਿਸਾਨਾਂ ਨੂੰ ਪਰਾਲੀ ਨੂੰ ਸਹੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਜਾਗਰੂਕਤਾ ਮੁਹਿੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਉਸ ਦਾ ਮਸ਼ੀਨਰੀ ਨਾਲ ਖੇਤਾਂ ਵਿਚ ਹੀ ਸਹੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤ ਵਿਚ ਪਈ ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵਲੋਂ ਆਮ ਤੌਰ ’ਤੇ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਹੋਰ ਜੀਵ-ਜੰਤੂਆਂ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਐਸ.ਡੀ.ਐਮ ਨੇ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਸਾਲ ਦੌਰਾਨ ਵੱਖ-ਵੱਖ ਕਿਸਾਨਾਂ ਤੇ ਕਿਸਾਨ ਸਮੂਹਾਂ ਨੂੰ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਨਾਲ ਸਬੰਧਤ ਜੋ ਵੀ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ, ਉਸ ਦਾ ਪੂਰਨ ਉਪਯੋਗ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਉਪ ਮੰਡਲ ਵਿਚ ਚੱਲ ਰਹੇ ਬੇਲਰ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਉਤਸ਼ਾਹਿਤ ਕੀਤਾ। ਐਸ.ਡੀ.ਐਮ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਕਿਸਾਨਾਂ ਨੂੰ ਸਹੁੰ ਚੁਕਾਈ ਜਾਵੇ ਕਿ ਉਹ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ। ਮੀਟਿੰਗ ਵਿਚ ਬਲਾਕ ਖੇਤੀ ਅਫ਼ਸਰ ਦੀਪਕ ਪੁਰੀ ਨੇ ਦੱਸਿਆ ਕਿ ਵਿਭਾਗ ਵਲੋਂ ਬਲਾਕ ਪੱਧਰ ’ਤੇ ਕਸਟਮ ਹਾਇਰਿੰਗ ਸੈਂਟਰ ਸਥਾਪਤ ਕੀਤੇ ਗਏ ਹਨ, ਜਿਸ ਵਿਚ ਕਟਰ, ਉਲਟਾਵਾਂ ਹਲ਼ ਅਤੇ ਸੁਪਰਸੀਡਰ ਆਦਿ ਮਸ਼ੀਨਾਂ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਰੂਰਤ ਅਨੁਸਾਰ ਇਹ ਮਸ਼ੀਨਾਂ ਕਿਰਾਏ ’ਤੇ ਲੈ ਸਕਦੇ ਹਨ।