ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 25 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਹ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਵਾਰਡਾਂ ਦੇ ਕੌਂਸਲਰ ਵੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ 94,14,062 ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿੱਚ ਵਾਰਡ ਨੰਬਰ 8 ਵਿੱਚ 21,22,988 ਰੁਪਏ, ਵਾਰਡ ਨੰਬਰ 12 ਵਿੱਚ 21,71,294 ਰੁਪਏ, ਵਾਰਡ ਨੰਬਰ 13 ਵਿੱਚ 15,41,173 ਰੁਪਏ ਅਤੇ ਵਾਰਡ ਨੰਬਰ 6 ਅਤੇ 11 ਵਿੱਚ 13,80,060 ਰੁਪਏ ਦੀ ਲਾਗਤ ਨਾਲ ਗਲੀਆਂ ਬਣਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਫੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਮੁਫਤ ਬਿਜਲੀ, ਨੌਜਵਾਨਾਂ ਨੂੰ ਨੌਕਰੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਮ ਆਦਮੀ ਕਲੀਨਿਕ ਖੋਲ੍ਹਣੇ ਅਤੇ ਹੁਸ਼ਿਆਰਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਆਦਿ ਸ਼ਾਮਲ ਹਨ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਮੁਖੀ ਰਾਮ, ਸੰਦੀਪ ਚੇਚੀ, ਜਸਪਾਲ ਸਿੰਘ ਚੇਚੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।