ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ : ਡਾ. ਬਲਬੀਰ ਸਿੰਘ

ਜਲੰਧਰ, 15 ਜੁਲਾਈ : ਜਲੰਧਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਆਈ.ਐਮ.ਏ. ਦੇ ਨੁਮਾਇੰਦਿਆਂ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਹੜ੍ਹਾਂ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ ਵਿਚਾਰਾਂ ਕਰਦਿਆਂ ਉਨ੍ਹਾਂ ਨੂੰ ਤਾਕੀਦ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਵਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦਾ ਕਾਰਜ ਵੱਡੇ ਪੱਧਰ ’ਤੇ ਜਾਰੀ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਹ ਲੋਕ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਤਾਂ ਜੋ ਇਸ ਔਖੀ ਘੜੀ ਵਿਚ ਲੋਕਾਂ ਨੂੰ ਲੋੜੀਂਦੀਆਂ ਮੈਡੀਕਲ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਦੀ ਸਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੀੜਤ ਲੋਕਾਂ ਨੂੰ ਰਾਹਤ ਦੁਆਉਣੀ ਭਲੇ ਦਾ ਕਾਰਜ ਹੈ ਜਿਸ ਲਈ ਸਾਰਿਆਂ ਨੂੰ ਰਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਮੋਢੇ ਨਾਲ ਮੋਢਾ ਲਾਕੇ ਖੜ੍ਹੀ ਹੈ ਅਤੇ ਉਨ੍ਹਾਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਸਮੂਹ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਹਰ ਮੁਸ਼ਕਿਲ ਸਥਿਤੀ ’ਤੇ ਕਾਬੂ ਪਾ ਰਹੀ ਹੈ।