ਸਹਾਇਕ ਰਿਟਰਨਿੰਗ ਅਫਸਰ ਡਾ. ਅਕਸ਼ਿਤਾ ਨੇ ਲੋਕ ਸਭਾ ਚੋਣਾਂ2024 ਦੀਆਂ ਹਦਾਇਤਾਂ ਤੋਂ ਰਾਜਨੀਤਿਕ ਪਾਰਟੀਆਂ ਨੂੰ ਜਾਣੂ ਕਰਵਾਇਆ 

ਨਵਾਂਸ਼ਹਿਰ, 20 ਮਾਰਚ : ਡਾ. ਅਕਸ਼ਿਤਾ ਗੁਪਤਾ ਆਈ.ਏ.ਐਸ ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਕਮ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ (ਵਿਧਾਨ ਸਭਾ ਹਲਕਾ 047ਨਵਾਂਸ਼ਹਿਰ) ਨਾਲ ਲੋਕ ਸਭਾ ਚੋਣਾਂ 2024 ਲਈ ਮੀਟਿੰਗ ਕੀਤੀ ਗਈ।ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਨੂੰ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਮਾਡਲ ਕੋਡ ਆਫ ਕੰਡਕਟ ਦੀਆਂ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ ਦੇਣ। ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਕਮ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰੀਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਨੇ ਆਮ ਜਨਤਾ, ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਬਣਾਉਣ ਲਈ ਸਬ ਡਵੀਜ਼ਨ ਵਿਚ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਚੋਣ ਰੈਲੀਆਂ ਦੌਰਾਨ ਦਿੱਤੇ ਜਾ ਰਹੇ ਭਾਸ਼ਣ ਵਿੱਚ ਕਿਸੇ ਜਾਤ ਅਤੇ ਧਰਮ ਆਦਿ ਅਜਿਹੇ ਕਿਸੇ ਹੋਰ ਮੁੱਦੇ ਦੀ ਵਰਤੋਂ ਨਾ ਕੀਤੀ ਜਾਵੇ ਜਿਸ ਨਾਲ ਕਿਸੇ ਤਰ੍ਹਾਂ ਦੀ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੋਣ ਦਾ ਖਦਸ਼ਾ ਹੋ ਸਕੇ। ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਕਮ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਨੇ ਦੱਸਿਆ ਕਿ ਚੋਣਾਂ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੋਲਿੰਗ ਲੋਕੇਸ਼ਨਾਂ ਤੇ ਮਾਈਕਰੋ ਅਬਜ਼ਰਵਰਾਂ ਦੀ ਨਿਯੁਕਤੀ ਵੱਖਰੇ ਤੌਰ ਤੇ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ- ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦਿੱਤੀਆਂ ਜਾਣੀਆਂ ਹਨ। ਪਰਮੀਸ਼ਨਾਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਸਬ ਡਵੀਜ਼ਨ ਪੱਧਰ ਤੇ ਸਿੰਗਲ ਵਿੰਡੋ ਪ੍ਰਣਾਲੀ ਤਹਿਤ ਦਫ਼ਤਰ ਉਪ ਮੰਡਲ ਮੈਜਿਸਟਰੇਟ ਵਿਖੇ ਸੁਵਿਧਾ ਸੈੱਲ (ਸੁਖਵਿੰਦਰ ਸਿੰਘ - ਨੋਡਲ ਅਫਸਰ, ਪਰਮੀਸ਼ਨ ਸੈੱਲ, +91 9877190307) ਸਥਾਪਿਤ ਕੀਤਾ ਗਿਆ ਹੈ। ਇਹ ਟੀਮ ਉਮੀਦਵਾਰ/ਬਿਨੇਕਾਰ ਨੂੰ ਪਰਮੀਸ਼ਨ ਦੇਣ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੇ ਰਾਹੀਂ ਪਰਮੀਸ਼ਨ ਜਾਰੀ ਕਰਵਾਉਣਗੇ। ਸਮੂਹ ਰਾਜਨੀਤਿਕ ਪਾਰਟੀਆਂ ਪਰਮਿਸ਼ਨ ਸਬੰਧੀ https//encore.eci.gov.in ਤੇ ਅਪਲਾਈ ਕਰ ਸਕਦੇ ਹਨ। ਜੇਕਰ ਕਿਸੇ ਤਰ੍ਹਾਂ ਦੀ ਸਮੱਸਿਆ ਆਵੇ ਤਾਂ ਉਹ ਨੋਡਲ ਅਫਸਰ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਇਸ ਵਾਰ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖ਼ਰਚੇ ਦੀ ਹੱਦ 70 ਲੱਖ ਤੋਂ ਵਧਾ ਕੇ 95 ਲੱਖ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਵੱਲੋਂ ਆਪਣੇ ਸਾਰੇ ਚੋਣ ਖ਼ਰਚੇ ਨੂੰ ਖ਼ਰਚਾ ਰਜਿਸਟਰ ਵਿੱਚ ਦਰਜ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਚੋਣ ਦਫ਼ਤਰ ਵੱਲੋਂ ਵੀ ਉਮੀਦਵਾਰ ਦੇ ਖਰਚੇ ਦਾ ਹਿਸਾਬ ਰੱਖਣ ਲਈ ਸ਼ੈਡੋ ਖ਼ਰਚਾ ਰਜਿਸਟਰ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਸਬ ਡਵੀਜ਼ਨ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੀ- ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਗਰੁੱਪ ਵਿੱਚ ਵੱਖ ਵੱਖ ਸਮੇਂ ਤੇ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਾਪਤ ਹੋ ਰਹੀਆਂ ਹਦਾਇਤਾਂ ਪੋਸਟ ਕਰ ਦਿੱਤੀਆਂ ਜਾਣਗੀਆਂ ਤਾਂ ਜੋ ਸਬੰਧਤ ਪਾਰਟੀਆਂ ਵਲੋਂ ਇਸ ਦੀ ਪਾਲਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ।