ਪੁਲਿਸ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਰਕੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਨਹੀਂ ਹੋ ਸਕੀ ਸੁਣਵਾਈ 

ਕਪੂਰਥਲਾ, 09 ਜਨਵਰੀ : ਥਾਣਾ ਸੁਭਾਨਪੁਰ ਵਿਖੇ ਦਰਜ ਕੀਤੇ ਕੇਸ ਵਿੱਚ ਅੱਜ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਹੋਣੀ ਸੀ, ਪਰ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਰਕੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਨਹੀਂ ਹੋ ਸਕੀ। ਜਿਸ ਕਾਰਨ ਖਹਿਰਾ ਦੀ ਸੁਣਵਾਈ ਫਿਰ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ ਅਗਲੀ ਕਾਰਵਾਈ 11 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਪੁਲਿਸ ਵੱਲੋਂ ਰਿਕਾਰਡ ਪੇਸ਼ ਨਾ ਕਰਨ ਕਰਕੇ ਸੁਣਵਾਈ ਅੱਜ 9 ਜਨਵਰੀ ਤੱਕ ਟਾਲ ਦਿੱਤੀ ਗਈ ਸੀ। ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ ਬੀਤੀ 5 ਜਨਵਰੀ ਨੂੰ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਦੇ ਵਕੀਲ ਨੇ ਸ਼ੁੱਕਰਵਾਰ ਸ਼ਾਮ ਨੂੰ ਹੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਪੁਲਸ ਨੂੰ ਸ਼ਨੀਵਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ। ਇਸ ਦੀ ਪੁਸ਼ਟੀ ਵਕੀਲ ਕੰਵਲਜੀਤ ਸਿੰਘ ਨੇ ਕੀਤੀ ਹੈ। ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਥਾਣਾ ਸੁਭਾਨਪੁਰ ਵਿੱਚ ਦਰਜ ਕੇਸ ਵਿੱਚ ਕਪੂਰਥਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਜਦੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਖਹਿਰਾ ਖਿਲਾਫ 4 ਜਨਵਰੀ ਨੂੰ ਸੁਭਾਨਪੁਰ ਥਾਣੇ ‘ਚ ਇਕ ਔਰਤ ਰਣਜੀਤ ਕੌਰ ਦੀ ਸ਼ਿਕਾਇਤ ‘ਤੇ ਧਾਰਾ 195-ਏ ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।