ਚੱਬੇਵਾਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ

  • ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਬੱਸ ਨੂੰ ਦਿਖਾਈ ਝੰਡੀ

ਚੱਬੇਵਾਲ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਨਿਗਮ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਧਾਮ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਚੱਬੇਵਾਲ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ। ਚੇਅਰਮੈਨ ਸੰਧੂ ਨੇ ਇਸ ਮੌਕੇ ਕਿਹਾ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਦੀ ਇਹ ਦੂਸਰੀ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਰਾਤ ਦਾ ਠਹਿਰਾਅ ਸ੍ਰੀ ਸਾਲਾਸਰ ਧਾਮ ਵਿਖੇ ਹੋਵੇਗਾ, ਜਿਥੋਂ ਉਹ ਸਵੇਰੇ ਅਗਲੇ ਪੜਾਅ ਸ੍ਰੀ ਖਾਟੂ ਸ਼ਿਆਮ ਧਾਮ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਸਦਕਾ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਸੁਵਿਧਾਵਾਂ ਉਪਲਬੱਧ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖਰਚੇ ਸ਼ਾਮਲ ਹਨ। ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਕੀਮ ਤਹਿਤ ਧਾਰਮਿਕ ਅਸਥਾਨਾਂ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ।