ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਦਿੱਤੀ ਵਧਾਈ 

  • ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਕੱਢੀ ਸ਼ੋਭਾ ਯਾਤਰਾ 'ਚ ਹਿੱਸਾ ਲਿਆ ਅਤੇ ਲੰਗਰ ਵਰਤਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ

ਹੁਸ਼ਿਆਰਪੁਰ, 5 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਵੱਲੋਂ ਕੱਢੀ ਸ਼ੋਭਾ ਯਾਤਰਾ ਵਿੱਚ ਭਾਗ ਲੈਂਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਲੰਗਰ ਵਰਤਾਉਂਦੇ ਹੋਏ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਕੰਮ ਨੂੰ ਮਹੱਤਵਪੂਰਨ ਸਮਝਿਆ ਅਤੇ ਸਮੁੱਚੀ ਮਨੁੱਖਤਾ ਨੂੰ ਨਿਰਸਵਾਰਥ ਹੋ ਕੇ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਸਮੁੱਚਾ ਜੀਵਨ ਹਰ ਕਿਸੇ ਲਈ ਪ੍ਰੇਰਣਾ ਸਰੋਤ ਹੈ ਅਤੇ ਉਨ੍ਹਾਂ ਵੱਲੋਂ ਕਰਮ ’ਤੇ ਆਧਾਰਿਤ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਹਰ ਕਿਸੇ ਲਈ ਲਾਹੇਵੰਦ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤਾਂ ਦੀ ਨਗਰੀ ਹੁਸ਼ਿਆਰਪੁਰ ਵਿੱਚ ਕੱਢੀ ਗਈ ਇਸ ਵਿਸ਼ਾਲ ਸ਼ੋਭਾ ਯਾਤਰਾ ਨੇ ਸਮੁੱਚੇ ਮਾਹੌਲ ਨੂੰ ਧਾਰਮਿਕ  ਰੰਗ ਵਿਚ ਰੰਗ ਦਿੱਤਾ ਹੈ। ਉਨ੍ਹਾਂ ਨੇ ਸ਼ਰਧਾ, ਆਸਥਾ ਅਤੇ ਵਿਸ਼ਵਾਸ ਦੇ ਇਸ ਤਿਉਹਾਰ 'ਤੇ ਸਾਰਿਆਂ ਨੂੰ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਸੰਤੋਸ਼ ਸੈਣੀ, ਕਾਮਰੇਡ ਗੰਗਾ ਪ੍ਰਸਾਦ, ਚੰਦਨ ਲੱਕੀ, ਮਨੀਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।