ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

  • 200 ਤੋਂ ਵੱਧ ਸ਼ਿਕਾਇਤਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 200 ਤੋਂ ਵੱਧ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਕੀਤਾ ਜਾਵੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਸਮਾਜਿਕ ਨਿਆਂ ਤੇ ਸਸ਼ਕਤੀਕਰਨ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰਤਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਆਦਿ ਨੂੰ ਮੌਕੇ 'ਤੇ ਹੱਲ ਕੀਤਾ ਗਿਆ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਸੇਵਾਵਾਂ ਮਿਲ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰ ਵਿਚ ਭਰੋਸਾ ਹੋਰ ਮਜ਼ਬੂਤ ​​ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਥੇ ਉਹ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਡੇਢ ਸਾਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਰਿਕਾਰਡ ਤੋੜ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਕੀਮਾਂ 'ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸੰਪਰਕ ਕਰਨ। ਇਸ ਦੌਰਾਨ ਉਨ੍ਹਾਂ ਨਾਲ ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।