ਕੈਬਨਿਟ ਮੰਤਰੀ ਜਿੰਪਾ ਨੇ ਇਨਡੋਰ ਸਟੇਡੀਅਮ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਕਾਸ ਕਾਰਜਾਂ ਤਹਿਤ ਪਾਰਕਿੰਗ ਨੂੰ ਪੱਕਿਆਂ ਕਰਨ ਅਤੇ ਸਟੇਡੀਅਮ ਦੀ ਬਾਹਰੀ ਦੀਵਾਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ. ਪੀ ਲੈਡ ਤਹਿਤ ਜਾਰੀ ਕੀਤੇ ਗਏ ਫੰਡ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਪਾਰਕਿੰਗ ਕੱਚੀ ਹੋਣ ਕਾਰਨ ਬਾਰਿਸ਼ ਦੇ ਦਿਨਾਂ ਵਿਚ ਇਥੇ ਖੇਡਣ ਆਉਂਦੇ ਖਾਸ ਕਰਕੇ ਜੂਡੋ ਅਤੇ ਬੈਡਮਿੰਟਨ ਦੇ ਖਿਡਾਰੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਸੀ, ਜਿਸ ਨੂੰ ਪੱਕਿਆਂ ਕਰਕੇ ਇਸ ਮੁਸ਼ਕਿਲ ਨੂੰ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਟੇਡੀਅਮ ਦੀ ਟੁੱਟ ਚੁੱਕੀ ਬਾਹਰੀ ਦੀਵਾਰ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇਸੇ ਤਹਿਤ ਖੇਡ ਸਟੇਡੀਅਮਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜੰਗੀ ਪੱਧਰ ’ਤੇ ਕੰਮ ਜਾਰੀ ਹੈ। ਇਸ ਮੌਕੇ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਤੋਂ ਇਲਾਵਾ ਕੌਂਸਲਰ ਸਾਹਿਬਾਨ, ਖਿਡਾਰੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।