ਕੈਬਨਿਟ ਮੰਤਰੀ ਜਿੰਪਾ ਨੇ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਭਵਨ ਦੇ ਨਵੀਨੀਕਰਨ ਦੇ ਕਾਰਜ ਦੀ ਕਰਵਾਈ ਸ਼ੁਰੂਆਤ

  • ਕਿਹਾ, ਪੰਜਾਬ ਸਰਕਾਰ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕਰ ਰਹੀ ਹੈ ਕਾਰਜ

ਹੁਸ਼ਿਆਰਪੁਰ, 19 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕੰਮ ਕਰ ਰਹੀ ਹੈ। ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਭਵਨ ਰਾਮ ਕਲੋਨੀ ਕੈਂਪ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ 30 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਸਾਰੇ ਵਿਭਾਗਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ ਦਾ ਬੀੜਾ ਉਠਾਇਆ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਵਧੀਆ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾ. ਅੰਬੇਦਕਰ ਨੇ ਦੇਸ਼ ਨੂੰ ਇਕ ਇਸ ਤਰ੍ਹਾਂ ਦਾ ਸੰਵਿਧਾਨ ਦਿੱਤਾ, ਜਿਸ ਕਾਰਨ ਭਾਰਤ ਇਕ ਮਜ਼ਬੂਤ  ਲੋਕਤੰਤਰ ਵਜੋਂ ਸਥਾਪਿਤ ਹੋ ਕੇ ਪੂਰੇ ਵਿਸ਼ਵ ਵਿਚ ਆਪਣੀ ਵੱਖਰੀ ਪਹਿਚਾਣ ਬਣਾਏ ਹੋਏ ਹੈ। ਉਨ੍ਹਾਂ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਇਕਸਾਰ ਅਧਿਕਾਰ ਦਿੱਤੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀਆਂ ਸਿੱਖਿਆਵਾਂ ’ਤੇ ਚੱਲਣਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸ਼ਖਸੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦੇ ਹੋਏ ਹਮੇਸ਼ਾ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਾਰੇ ਅਧਿਕਾਰਾਂ ਪ੍ਰਤੀ ਜਾਗਰੂਕ ਹੁੰਦੇ ਹੋਏ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਈਏ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਕੌਂਸਲਰ ਜਸਪਾਲ ਸਿੰਘ ਚੇਚੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।