ਹੁਸ਼ਿਆਰਪੁਰ ਜ਼ਿਲ੍ਹੇ ਵਿਚ ਰੇਤ ਦੀਆਂ ਖੱਡਾਂ ਤੋਂ ਭਰਾਈ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਜਿੰਪਾ 

  • ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਰੇਤ ਦੀ ਭਰਾਈ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ ’ਤੇ ਰੇਤ ਮੁਹੱਈਆ ਕਰਵਾਏ ਜਾਣ ਦੇ ਫੈਸਲੇ ਨੂੰ ਅੱਜ ਹੁਸ਼ਿਆਰਪੁਰ ਵਿਚ ਲਾਗੂ ਕਰ ਦਿੱਤਾ ਗਿਆ। ਇਸ ਤਹਿਤ ਜ਼ਿਲ੍ਹੇ ਵਿਚ ਅੱਜ ਚਾਰ ਰੇਤ ਖੱਡਾਂ ਤੋਂ ਬਿਨਾਂ ਮਕੈਨੀਕਲ ਮਸ਼ੀਨਰੀ ਦੀ ਮਦਦ ਨਾਲ ਰੇਤ ਭਰਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੱਸੀ ਗੁਲਾਮ ਹੁਸੈਨ, ਮਹਿਲਾਂਵਾਲੀ ਅਤੇ ਡਗਾਣਾ ਕਲਾਂ ਦੀਆਂ ਖੱਡਾਂ ਤੋਂ ਇਸ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਘੁਕਰੇਵਾਲ ਤੋਂ ਵੀ ਰੇਤ ਭਰਾਈ ਦਾ ਕੰਮ ਅੱਜ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਮਕਾਨ ਅਤੇ ਹੋਰ ਨਿਰਮਾਣ ਕਾਰਜਾਂ ਲਈ ਸਸਤੇ ਭਾਅ ’ਤੇ ਰੇਤ ਮਿਲਣੀ ਯਕੀਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਧ ਲਾਭ ਉਨ੍ਹਾਂ ਮਜ਼ਦੂਰਾਂ ਨੂੰ ਮਿਲੇਗਾ ਜਿਨ੍ਹਾਂ ਨੂੰ ਰੇਤ ਭਰਾਈ ਰਾਹੀਂ ਰੋਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅੱਜ ਸ਼ੁਰੂ ਹੋਈਆਂ ਰੇਤ ਖੱਡਾਂ ਤੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਰੇਤ ਭਰੀ ਜਾਵੇਗੀ ਅਤੇ ਰੇਤ ਭਰਨ ਲਈ ਕੋਈ ਕਰੇਨ ਜਾਂ ਜੇ.ਸੀ.ਬੀ. ਵਰਗੀ ਮਸ਼ੀਨਰੀ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ ਅਤੇ ਭਰਾਈ ਦਾ ਸਾਰਾ ਕੰਮ ਹੱਥੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਰਾਈ ਦੀ ਲੇਬਰ ਵੀ ਵਾਹਨ ਚਾਲਕ ਦੀ ਆਪਣੀ ਹੋਵੇਗੀ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਆਦੇਸ਼ ਹਨ ਕਿ ਜ਼ਿਲ੍ਹੇ ਵਿਚ ਅਧਿਕਾਰਤ ਰੇਤ ਖੱਡਾਂ ਨੂੰ ਛੱਡ ਕੇ ਹੋਰ ਕਿਤੋਂ ਵੀ ਰੇਤ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਅਧਿਕਾਰਤ ਖੱਡਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਤੈਅ ਸਮੇਂ ਤੋਂ ਬਾਅਦ ਨਾ ਤਾਂ ਰੇਤ ਭਰਨ ਦੀ ਆਗਿਆ ਦਿੱਤੀ ਜਾਵੇ ਅਤੇ ਨਾ ਹੀ ਰੇਤ ਭਰਨ ਮੌਕੇ ਮਸ਼ੀਨਰੀ ਦੀ ਵਰਤੋਂ ਕਰਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਰੇਤ ਮਾਫ਼ੀਏ ਦਾ ਸਫਾਇਆ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਮੌਕੇ ਐਸ.ਡੀ.ਐਮ. ਪ੍ਰੀਤ ਇੰਦਰ ਬੈਂਸ, ਐਕਸੀਅਨ ਡਰੇਨੇਜ ਐਸ.ਐਸ ਰੰਧਾਵਾ, ਐਸ.ਡੀ.ਓ ਸੰਦੀਪ ਕੁਮਾਰ, ਮਾਈਨਿੰਗ ਇੰਸਪੈਕਟਰ ਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਐਡਵੋਕੇਟ ਅਮਰਜੋਤ ਸਿੰਘ ਸੈਣੀ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।