ਕੈਪਟਨ ਅਮਰਿੰਦਰ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ

ਆਦਮਪੁਰ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅੱਜ ਇੱਥੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਭਰਵੀਂ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਹਾਲਾਤ ਇਹੋ ਜਿਹੇ ਹੀ ਰਹੇ ਤਾਂ ਕੋਈ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਨਹੀਂ ਆਵੇਗਾ, ਜਿਸ ਦਾ ਸੂਬੇ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਨੁਕਸਾਨ ਹੋਵੇਗਾ। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਵਿੱਚ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਾ ਹੋਣ ਦੇ ਨਾਲ ਕਤਲ ਹੋ ਰਹੇ ਹਨ, ਜਦੋਂ ਕਿ ਖ਼ੌਫ਼ਨਾਕ ਗੈਂਗਸਟਰ ਜੇਲ੍ਹਾਂ ਵਿੱਚ ਰਾਜ ਕਰ ਰਹੇ ਹਨ ਅਤੇ ਮੀਡੀਆ ਨੂੰ ਇੰਟਰਵਿਊ ਵੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਪਹਿਲਾਂ ਹੀ ਦੇਸ਼ ਤੋਂ ਬਾਹਰ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਕੋਈ ਭਵਿੱਖ ਨਜ਼ਰ ਨਹੀਂ ਆਉਂਦਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਸੂਬੇ ਨੂੰ ਦਰਪੇਸ਼ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ। ਸਾਬਕਾ ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੇ ਫੈਲਾਅ 'ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਖਤਰੇ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ। ਲੋਕਾਂ ਨੂੰ ਭਾਜਪਾ ਉਮੀਦਵਾਰ ਅਟਵਾਲ ਨੂੰ ਵੋਟ ਪਾਉਣ ਦੀ ਜ਼ੋਰਦਾਰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ (ਭਾਜਪਾ) ਨੇ ਘਰੇਲੂ ਅਤੇ ਅੰਤਰਰਾਸ਼ਟਰੀ ਦੋਵਾਂ ਮੋਰਚਿਆਂ 'ਤੇ ਆਪਣੀ ਸਮਰੱਥਾ ਦਾ ਸਬੂਤ ਦਿੱਤਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਵਿੱਚ ਦੇਸ਼ ਦੀ ਆਰਥਿਕਤਾ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, ਸੰਯੁਕਤ ਰਾਜ ਅਤੇ ਯੂਰਪ ਸਮੇਤ ਵਿਸ਼ਵ ਅਰਥਵਿਵਸਥਾ ਮੰਦਵਾੜੇ ਵਿੱਚ ਸੀ, ਜਦੋਂ ਕਿ ਭਾਰਤ ਸਥਿਰ ਅਤੇ ਮਜ਼ਬੂਤ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਲੋਕ ਭਾਜਪਾ ਨੂੰ ਵੋਟਾਂ ਪਾਉਣ ਅਤੇ ਸਮਰਥਨ ਦੇਣ ਲਈ ਉਤਾਵਲੇ ਹਨ ਕਿਉਂਕਿ ਜਿੱਥੇ ਵੀ ਭਾਜਪਾ ਸੱਤਾ ਵਿੱਚ ਸੀ, ਉੱਥੇ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਸੀ। ਉਨ੍ਹਾਂ ਕਿਹਾ, ਉਹ ਲੋਕਾਂ ਵਿੱਚ ਬਹੁਤ ਉਤਸ਼ਾਹ ਮਹਿਸੂਸ ਕਰ ਸਕਦੇ ਹਨ ਕਿਉਂਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਪਿਆਰ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਇੰਦਰ ਇਕਬਾਲ ਸਿੰਘ ਅਟਵਾਲ, ਜੈ ਇੰਦਰ ਕੌਰ, ਪਰਮਿੰਦਰ ਬਰਾੜ ਆਦਿ ਹਾਜ਼ਰ ਸਨ।