ਭ੍ਰਿਸ਼ਟਾਚਾਰ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਸਭ ਤੋਂ ਵੱਡੀ ਰੁਕਾਵਟ: ਅਵਨੀਤ ਕੌਰ 

  • ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ 
  • ਜ਼ਿਲ੍ਹੇ ਵਿਚ 3 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡੀ.ਐਸ.ਪੀ ਅਸ਼ਵਨੀ ਕੁਮਾਰ 
  • ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਤਹਿਤ ਜ਼ਿਲ੍ਹੇ ਵਿਚ ਹਫਤਾ ਭਰ ਚੱਲਣਗੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪ੍ਰੋਗਰਾਮ
  • ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਲਿਆ ਸੰਕਲਪ 

ਨਵਾਂਸ਼ਹਿਰ, 28 ਅਕਤੂਬਰ 2024 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਇਕ ਅਜਿਹੀ ਬਿਮਾਰੀ ਹੈ ਜੋ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਵੱਡੀ ਰੁਕਾਵਟ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸੰਕਲਪ ਲੈਣ ਲਈ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡੀ.ਐਸ.ਪੀ ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਅਤੇ ਸਮਾਜ ਨੂੰ ਨਿਗਲ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਤਰ੍ਹਾਂ ਕੰਮ ਕਰਨ ਦੀ ਅਪੀਲ ਕੀਤੀ ਕਿ ਉਨ੍ਹਾਂ ਦੀ ਕਾਰਜਸ਼ੈਲੀ 'ਤੇ ਸਵਾਲੀਆ ਨਿਸ਼ਾਨ ਨਾ ਪੈਦਾ ਹੋਣ ਅਤੇ ਲੋਕਾਂ ਦਾ ਸਰਕਾਰੀ ਸਿਸਟਮ 'ਤੇ ਭਰੋਸਾ ਹੋਰ ਵਧੇ।ਕਿਹਾ ਕਿ ਸਮਾਜ ਵਿਚ ਫ਼ੈਲੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰੇਕ ਵਿਅਕਤੀ ਨੂੰ ਬੇਝਿਜਕ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਾਂਗੇ ਅਤੇ ਜੇਕਰ ਅਜਿਹੀ ਕੋਈ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਸੂਚਨਾ ਸਮਰੱਥ ਅਧਿਕਾਰੀ ਨੂੰ ਦੇਵਾਂਗੇ। ਡੀਐਸਪੀ ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਐਂਟੀ ਕੁਰੱਪਸ਼ਨ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ 'ਤੇ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਵਰਿੰਦਰ ਕੁਮਾਰ ਅਤੇ ਐਸ.ਐਸ. ਪੀ ਵਿਜੀਲੈਂਸ ਰੇਂਜ ਜਲੰਧਰ ਰਾਜੇਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਾਲ 28 ਅਕਤੂਬਰ ਤੋਂ 3 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ 'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਤਹਿਤ ਮਨਾਇਆ ਜਾ ਰਿਹਾ ਹੈ‌। ਉਨ੍ਹਾਂ ਦੱਸਿਆ ਕਿ ਇਸ ਤਹਿਤ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ, ਪਿੰਡਾਂ ਤੇ ਸ਼ਹਿਰਾਂ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਸੈਮੀਨਾਰ ਕਰਵਾ ਕੇ ਸਭਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਕੀਤਾ ਜਾਵੇਗਾ। ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦਾ ਸੰਕਲਪ ਲਿਆ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਅਧਿਕਾਰੀ ਤੇ ਕਰਮਚਾਰੀ ਜਿਥੇ ਸੰਕਲਪ ਲੈਣ ਲਈ ਹਾਲ ਵਿਚ ਮੌਜੂਦ ਰਹੇ, ਉੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲਾਂ-ਕਾਲਜਾਂ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਵਰਚੁਅਲ ਮੋਡ ਰਾਹੀਂ ਸਮਾਗਮ ਨਾਲ ਆਨਲਾਈਨ ਜੁੜ ਕੇ ਭ੍ਰਿਸ਼ਟਾਚਾਰ ਖਿਲਾਫ ਸੰਕਲਪ ਲਿਆ। ਵਰਚੁਅਲ ਮੋਡ ਰਾਹੀਂ ਜੁੜਨ ਵਾਲੇ ਸਕੂਲਾਂ-ਕਾਲਜਾਂ ਵਿਚ ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ, ਕੇ. ਸੀ ਕਾਲਜ ਆਫ ਐਜੂਕੇਸ਼ਨ ਨਵਾਂਸ਼ਹਿਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ ਆਦਿ ਸ਼ਾਮਿਲ ਸਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਵਿਜੀਲੈਂਸ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।