ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ

  • ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ, 17 ਅਕਤੂਬਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਮੰਡੀਆਂ ਵਿੱਚ ਝੋਨੇ ਦੀ ਉਪਜ ਨੂੰ ਸੁੱਕਾ ਕੇ ਲਿਆਂਦਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਬਾਗਾਂ ਅਤੇ ਬਦਲਵੀਆਂ ਫ਼ਸਲਾਂ ਨੂੰ ਤਰਜ਼ੀਹ ਦਿੱਤੀ ਜਾਵੇ।ਉਨ੍ਹਾਂ ਨੇ ਪਿੰਡਾਂ ਵਿੱਚ ਛੱਪੜਾਂ ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਸਕੀਮ ਦਾ ਲਾਭ ਉਠਾਉਣ ਲਈ ਵੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਹਾੜੀ ਸੀਜ਼ਨ 2023-24 ਲਈ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਅਗਾਊਂ ਪ੍ਰਬੰਧ ਕਰ ਲਏ ਗਏ ਹਨ। ਸਰਕਾਰ ਵਲੋਂ ਇਸ ਸਾਲ ਖਾਦਾਂ ਦੀ ਸਪਲਾਈ 80 ਫੀਸਦੀ ਸਹਿਕਾਰਤਾ ਸਭਾਵਾਂ ਅਤੇ 28 ਫੀਸਦੀ ਪ੍ਰਾਈਵੇਟ ਵਿਕ੍ਰੇਤਾਵਾਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਨਜੂਰੀਆਂ ਜਾਰੀ ਹੋ ਚੁੱਕੀਆਂ ਹਨ, ਉਹ ਮਿੱਥੇ ਸਮੇਂ ਦੇ ਅੰਦਰ ਖਰੀਦ ਕਰ ਲੈਣ। ਇਸ ਮੌਕੇ ‘ਤੇ ਖੇਤੀਬਾੜੀ ਅਫਸਰ ਡਾ. ਨਰੇਸ਼ ਕੁਮਾਰ ਕਟਾਰੀਆ, ਸ਼ੁਗਰ ਮਿੱਲ ਤੋਂ ਮੇਹਰ ਦਾਸ, ਸਹਿਕਾਰਤਾ ਵਿਭਾਗ ਤੋਂ ਹਰਪ੍ਰੀਤ, ਮਾਰਕਫੈੱਡ ਤੋਂ ਅਨਿਲ ਕੁਮਾਰ, ਬਾਗਬਾਨੀ ਵਿਕਾਸ ਅਫਸਰ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ ਪਸੂ ਪਾਲਣ ਡਾ. ਸੁਖਵਿੰਦਰ ਸਿੰਘ, ਡੀ.ਐਫ.ੳ. ਗੜ੍ਹਸ਼ੰਕਰ ਨਰਿੰਦਰ ਸਿੰਘ, ਡੇਅਰੀ ਵਿਕਾਸ ਅਫਸਰ ਰਾਮ ਸਰਨ, ਸਬ ਡਿਵੀਜ਼ਨਲ ਭੂਮੀ ਰੱਖਿਆ ਅਫ਼ਸਰ ਕ੍ਰਿਸ਼ਨ ਦੁੱਗਲ ਅਤੇ ਗੈਰ ਸਰਕਾਰੀ ਮੈਂਬਰ ਮਹਿੰਦਰ ਸਿੰਘ ਦੋਸਾਂਝ, ਸ੍ਰੀ ਗੁਰਨਾਮ ਸਿੰਘ, ਸ੍ਰੀ ਅਮਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।