ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

  • ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ
  • ਡਿਪਟੀ ਕਮਿਸ਼ਨਰ ਨੇ ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਦੌਰਾ

ਨਵਾਂਸ਼ਹਿਰ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਘਰ-ਘਰ ਵਿੱਚ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ/ਮੁਸ਼ਕਲ ਦਾ ਸਾਹਮਣਾ ਨਾ ਕਰਨ ਪਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਮਜੀਤ ਸਿੰਘ ਪੰਥੇ, ਐਸ.ਡੀ.ਐਮ. ਰਵਿੰਦਰ ਬਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਆਟਾ-ਦਾਲ ਲੋਕਾਂ(ਲਾਭਪਾਤਰੀਆਂ) ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਨਾਲ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਵੱਡਾ ਲਾਭ ਮਿਲੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਸਬੰਧ ਵਿੱਚ ਮਨੋਹਰ ਫਲੋਰ ਮਿਲ ਦਾ ਨਿਰੀਖਣ ਵੀ ਕੀਤਾ ਗਿਆ ਤਾਂ ਵਾਜਬ ਕੀਮਤ ਦੀਆਂ ਦੁਕਾਨਾਂ ‘ਤੇ ਤੇਜ਼ੀ ਨਾਲ ਅਨਾਜ ਪੁੱਜ ਸਕੇ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਪਿੰਡ ਚੱਕ ਗੁਰੂ, ਬੰਗਾ ਦਾ ਦੌਰਾ ਕੀਤਾ।