ਡਿਪਟੀ ਕਮਿਸ਼ਨਰ ਨੇ ਕੀਤਾ ਸਰਕਾਰੀ ਹਸਪਤਾਲ ਬਲਾਚੌਰ ਦਾ ਦੌਰਾ

  • ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲ ਚਾਲ

ਬਲਾਚੌਰ, 10 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਪੰਜਾਬ ਗੁੱਡ ਗਵਰਨੈਂਸ ਫੈਲੋ ਸੰਸਨਾ ਸਕਸੈਨਾ ਵੀ ਮੌਜੂਦ ਸਨ। ਉਨ੍ਹਾਂ ਮੈਡੀਕਲ ਅਫਸਰਾਂ ਅਤੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਅਤੇ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਲਈ ਡਾਕਟਰਾਂ ਦੇ ਨਾਲ-ਨਾਲ ਸਹਾਇਕ ਸਟਾਫ ਵੀ ਅਹਿੰਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਰੀਜ਼ਾਂ ਦੇ ਲਈ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁੱਈਆ ਕਰਵਾਈਆਂ ਜਾ ਰਹੀਆਂ ਹਨ। ਹਸਪਤਾਲਾਂ ਦੇ ਅੰਦਰ ਮਰੀਜ਼ ਆਪਣਾ ਇਲਾਜ਼ ਕਰਵਾਉਣ ਆਉਂਦੇ ਹਨ, ਜਿਨ੍ਹਾਂ ਦੀ ਹਰ ਤਰ੍ਹਾਂ ਦੇ ਨਾਲ ਮੱਦਦ ਕਰਨੀ ਚਾਹੀਦੀ ਹੈ। ਇਸ ਦੇ ਨਾਲ-ਨਾਲ ਮਰੀਜ਼ਾਂ ਦੇ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਅਧੀਨ ਜ਼ਿਲ੍ਹੇ ਦੇ ਹਰ ਸੰਚਾਲਿਤ ਸਿਹਤ ਅਤੇ ਤੰਦਰੁਸਤੀ ਕੇਂਦਰ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹੀ ਜਨ ਆਰੋਗਿਆ ਸਮਿੱਤੀ ਕਾਰਜਸ਼ੀਲ ਹੈ। ਜਨ ਆਰੋਗਿਆ ਸਮਿੱਤੀ ਸਿਹਤ ਅਤੇ ਤੰਦਰੁਸਤੀ ਕੇਂਦਰ ਅਧੀਨ ਖੇਤਰ ਦੇ ਸਾਰੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੰਚ ਤਿਆਰੀ ਕਰਦੀ ਹੈ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਦੀ ਹੈ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਹਸਪਤਾਲ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ‘ਤੇ ਤਸੱਲੀ ਪ੍ਰਗਟ ਕੀਤੀ।ਇਸ ਮੌਕੇ ‘ਤੇ ਸਮੂਹ ਸਟਾਫ ਮੈਂਬਰ ਵੀ ਮੌਜੂਦ ਸਨ।