ਸ਼ਹਿਰ ਵਾਸੀਆਂ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਰੱਖ ਕੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਜਿੰਪਾ

  • ਕੈਬਨਿਟ ਮੰਤਰੀ ਨੇ 21 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 7 ’ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 20 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਵਿਕਾਸ ਸਬੰਧੀ ਕਾਰਜਾਂ ਨੂੰ ਲੈ ਕੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾਵੇ। ਉਹ ਵਾਰਡ ਨੰਬਰ 7 ਵਿਚ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀ ਦੇ ਨਿਰਮਾਣ ਸਬੰਧੀ ਵਾਰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਾਰਡ ਦੀਆਂ ਹੋਰ ਸਮੱਸਿਆਵਾਂ ਦਾ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਕੌਂਸਲਰ ਸਰਬਜੀਤ ਕੌਰ, ਮੁਖੀ ਰਾਮ, ਮਨੀਸ਼ ਗੁਪਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।