ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਸ਼ਨ ਜੱਜ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕੱਢੀ ਜਾਗਰੂਕਤਾ ਰੈਲੀ

  • ਡਿਪਟੀ ਕਮਿਸ਼ਨਰ, ਐਸ. ਐਸ. ਪੀ ਅਤੇ ਸੀ. ਜੇ. ਐਮ ਸਮੇਤ ਆਹਲਾ ਅਫ਼ਸਰਾਂ ਨੇ ਰੈਲੀ ’ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 31 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਤਹਿਤ ਇਕ ਵਿਸ਼ਾਲ ਰੈਲੀ (ਵਾਕਾਥਾਨ) ਕੱਢੀ ਗਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ ਸਰਤਾਜ ਸਿੰਘ ਚਾਹਲ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਸਮੇਤ ਜ਼ਿਲ੍ਹੇ ਦੇ ਨਿਆਇਕ, ਸਿਵਲ ਅਤੇ ਪੁਲਿਸ ਅਫ਼ਸਰਾਂ ਨੇ ਇਸ ਰੈਲੀ ਵਿਚ ਸ਼ਿਰਕਤ ਕੀਤੀ। ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਹਮਣੇ ਲੋਅਰ ਕੋਰਟ ਕੰਪਲੈਕਸ ਤੋਂ ਇਸ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਹ ਖ਼ੁਦ ਵੀ ਹੋਰਨਾਂ ਅਧਿਕਾਰੀਆਂ ਸਮੇਤ ਇਸ ਰੈਲੀ ਦਾ ਹਿੱਸਾ ਬਣੇ। ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੀ ਹੋਈ ਇਹ ਰੈਲੀ ਡੀ. ਏ. ਵੀ ਕਾਲਜ ਵਿਖੇ ਜਾ ਕੇ ਸਮਾਪਤ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰਾ ਅਕਤੂਬਰ ਮਹੀਨਾ ਨਸ਼ਿਆਂ ਖਿਲਾਫ਼ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਚਲਾਈ ਗਈ, ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਇਸ ਮੁਹਿੰਮ ਦੀ ਸਮਾਪਤੀ ’ਤੇ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ‘ਵਾਕਾਥਾਨ’ ਆਯੋਜਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅਥਾਰਟੀ ਵੱਲੋਂ ਅਜਿਹੇ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਇਕ ਵਧੀਆ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਐਸ. ਪੀ ਮੇਜਰ ਸਿੰਘ, ਐਸ. ਪੀ ਮਨਜੀਤ ਕੌਰ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਹਰਬੰਸ ਕੌਰ, ਡੀ. ਐਸ. ਪੀ ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ, ਲਾਅ ਦੇ ਵਿਦਿਆਰਥੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।