ਕ੍ਰਿਸ਼ੀ ਵਿਿਗਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ 

ਨਵਾਂਸ਼ਹਿਰ, 14 ਨਵੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਕੇ. ਵੀ. ਕੇ.ਕੈਂਪਸ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ  ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ  ਡੀਨ ਡਾ. ਮਨਮੋਹਨ ਜੀਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਜ਼ਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਡਾ. ਸੁਖਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।  ਸਵਾਗਤੀ ਭਾਸ਼ਣ ਦੌਰਾਨ ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਿਗਆਨ ਕੇਂਦਰ ਡਾ. ਪ੍ਰਦੀਪ ਕੁਮਾਰ  ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਚਾਨਣਾ ਪਾਇਆ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ 'ਤੇ ਜ਼ੋਰ ਦਿੱਤਾ। ਡੀਨ ਡਾ. ਮਨਮੋਹਨ ਜੀਤ ਸਿੰਘ  ਨੇ ਕਿਸਾਨਾਂ ਨੂੰੰ ਸੰਬੋਧਨ ਕਰਦਿਆਂ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਖੇਤਰਾਂ ਵਿਚ ਕੇ.ਵੀ.ਕੇ ਅਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਪੀ.ਏ.ਯੂ ਵੱਲੋਂ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਖੇ ਵਿਦਿਆਰਥਿਆਂ ਲਈ ਉਪਲਬੱਧ ਕੋਰਸਾਂ ਬਾਰੇ ਜਾਣਕਾਰੀ ਦਿੱਤੀ।  ਡਾ. ਸੁਖਦੇਵ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿਚ ਭਰਪੂਰ ਯੋਗਦਾਨ ਪਾਉਣ ਵਾਲੇ ਜਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਿਸਾਨ ਜ਼ਿਲ੍ਹੇ ਵਿਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਪੂਰੀ ਵਰਤੋਂ ਕਰਨ। ਖੇਤੀਬਾੜੀ ਵਿਕਾਸ ਅਫਸਰ ਡਾ. ਜਸਵਿੰਦਰ ਕੁਮਾਰ ਨੇ ਕਿਸਾਨ ਭਲਾਈ ਬਾਬਤ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਦੇ ਮਾਹਿਰਾਂ ਵੱਲੋਂ ਇਸ ਮੌਕੇ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਪੌਦਾ ਰੋਗ ਮਾਹਿਰ ਡਾ. ਬਲਜੀਤ ਸਿੰਘ ਨੇ ਪਰਾਲੀ ਦੇ ਪ੍ਰਬੰਧਨ ਵਾਲੇ ਖੇਤਾਂ ਵਿਚ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਚਰਚਾ ਕੀਤੀ। ਸਬਜ਼ੀਆਂ ਦੇ ਮਾਹਿਰ ਡਾ. ਆਰਤੀ ਵਰਮਾ ਨੇ ਘਰੇਲੂ ਪੌਸ਼ਟਿਕ ਬਗੀਚੀ ਬਾਰੇ ਚਰਚਾ ਕੀਤੀ। ਖੇਤੀਬਾੜੀ ਇੰਜੀਨੀਅਰ ਡਾ: ਕਿਰਨਦੀਪ ਨੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬੱਧ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਫ਼ਸਲਾਂ ਦੇ ਮਾਹਿਰ ਡਾ. ਜਸਵਿੰਦਰ ਕੁਮਾਰ ਨੇ  ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਨਵੀਆਂ ਅਤੇ ਉਨੱਤ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਗ੍ਰਹਿ ਵਿਗਿਆਨ ਦੇ ਮਾਹਿਰ ਰੇਨੂ ਬਾਲਾ ਨੇ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਉਤਪਾਦਕ ਸੰਸਥਾਵਾਂ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ/ਕਿਸਾਨ ਬੀਬੀਆਂ ਦੀ ਆਮਦਨ ਵਧਾਉਣ ਵਿਚ ਇਨ੍ਹਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਪਤਵੰਤਿਆਂ ਵੱਲੋਂ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿਚ ਸ਼ਲਾਘਾਯੋਗ ਕੰਮ ਕਰਨ ਲਈ ਅਤੇ ਸਹਾਇਕ ਧੰਦਿਆਂ ਵਿਚ ਉਪਲਬੱਧੀਆਂ ਬਾਬਤ ਸਨਮਾਨਿਤ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸਹਾਇਕ ਵਿਭਾਗਾਂ, ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀਆਂ ਦੁਆਰਾ ਪ੍ਰਦਰਸ਼ਨੀਆਂ ਦਾ ਪ੍ਰਬੰਧ ਕੀਤਾ ਗਿਆ ਅਤੇ ਕਿਸਾਨਾਂ ਦੇ ਲਾਭ ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ ਅਤੇ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। ਅੰਤ ਵਿਚ ਡਾ. ਪ੍ਰਦੀਪ ਕੁਮਾਰ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।