ਜਲੰਧਰ ਲਈ ਜ਼ਿਲ੍ਹਾ ਪੱਧਰੀ ਜਲ ਸੰਭਾਲ ਯੋਜਨਾ ਤਿਆਰ ਕੀਤੀ ਜਾਵੇ : ਦਿਨੇਸ਼ ਕੁਮਾਰ

  • ਕੇਂਦਰੀ ਟੀਮ ਨੇ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਇਮਾਰਤਾਂ ’ਚ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਕਿਹਾ
  • ਜ਼ਿਲ੍ਹੇ ’ਚ ਪਾਣੀ ਦੇ ਸੋਮਿਆਂ ਨੂੰ ਮੁੜ ਸੁਰਜੀਤ ਕਰਨ ਲਈ ਉਪਰਾਲੇ ਕਰਨ ਦੇ ਨਿਰਦੇਸ਼

ਜਲੰਧਰ, 7 ਜੂਨ : ਜਲ ਸ਼ਕਤੀ ਅਭਿਆਨ ਦੀ ਕੇਂਦਰੀ ਟੀਮ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਲੰਧਰ ਲਈ ਜ਼ਿਲ੍ਹਾ ਪੱਧਰੀ ਜਲ ਸੰਭਾਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੰਭਾਲਣ ਲਈ ਵਿਆਪਕ ਰੂਪਰੇਖਾ ਤਿਆਰ ਕੀਤੀ ਜਾ ਸਕੇ। ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੇਂਦਰੀ ਨੋਡਲ ਅਫ਼ਸਰ-ਕਮ-ਕੇਂਦਰੀ ਜੁਆਇੰਟ ਸਕੱਤਰ ਦਿਨੇਸ਼ ਕੁਮਾਰ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪੱਧਰੀ ਯੋਜਨਾ ਜਲਦ ਤੋਂ ਜਲਦ ਪੇਸ਼ ਕੀਤੀ ਜਾਵੇ ਤਾਂ ਜੋ ਇਸ ਮਾਨਸੂਨ ਸੀਜ਼ਨ ਦੌਰਾਨ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦੀ ਸੰਭਾਲ ਸਬੰਧੀ ਪਲਾਂਟ ਨਿਰਧਾਰਤ ਸਮੇਂ ਦੇ ਅੰਦਰ ਸਥਾਪਤ ਕਰਨ ਤੋਂ ਇਲਾਵਾ ਸਾਰੀਆਂ ਸਰਕਾਰੀ ਇਮਾਰਤਾਂ ਵਿੱਚ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਹੋਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਪਾਣੀ ਦੀ ਸੰਭਾਲ ਦੇ ਸਬੰਧ ਵਿੱਚ ਸਾਰਥਕ ਨਤੀਜੇ ਸਾਹਮਣੇ ਆ ਸਕਣ। ਸਾਰੇ ਜਲਘਰਾਂ ਦੀ ਜੀਓ-ਟੈਗਿੰਗ ਕਰਨ ’ਤੇ ਜ਼ੋਰ ਦਿੰਦਿਆਂ ਕੇਂਦਰੀ ਨੋਡਲ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਜਲ ਸ਼ਕਤੀ ਕੇਂਦਰ ਪੂਰੀ ਤਰ੍ਹਾਂ ਸੰਚਾਲਿਤ ਹੋਣ ਚਾਹੀਦੇ ਹਨ ਅਤੇ ਮਾਨਸੂਨ ਵਿੱਚ ਵੱਧ ਤੋਂ ਵੱਧ ਨਤੀਜੇ ਪ੍ਰਾਪਤ ਕਰਨ ਲਈ ਜਲਦ ਤੋਂ ਜਲਦ ਰੁੱਖ ਲਾਉਣ ਦੀ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ 'ਤੇ ਪਾਣੀ ਦੀ ਸੰਭਾਲ ਲਈ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਕੇਂਦਰੀ ਨੋਡਲ ਅਫ਼ਸਰ ਨੇ ਚੱਲ ਰਹੇ ਕੰਮਾਂ ਨੂੰ ਜਲਦ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਜਾਂ ਵਧੀਕ ਡਿਪਟੀ ਕਮਿਸ਼ਨਰ ਦੇ ਪੱਧਰ 'ਤੇ ਨਿਯਮਤ ਸਮੀਖਿਆ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਇਸ ਵਿੱਚ ਸੁਧਾਰ ਲਈ ਹਰੇਕ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਵਿਸ਼ੇਸ਼ ਡਿਊਟੀ ਵਜੋਂ ਲੈਣ ਦੀ ਅਪੀਲ ਕਰਦਿਆਂ ਰਿਚਾਰਜਿੰਗ ਦੇ ਪੱਧਰ ਦਾ ਮੁਲਾਂਕਣ ਅਤੇ ਇਸ ਦਾ ਵਿਆਪਕ ਪ੍ਰਚਾਰ ਕਰਨ ਲਈ ਵੀ ਕਿਹਾ ਤਾਂ ਜੋ ਆਮ ਲੋਕਾਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕਿਹਾ ਕਿ ਸਮੂਹਿਕ ਯਤਨਾਂ ਨਾਲ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬੱਚਤ ਕਰ ਸਕਦੇ ਹਾਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਵਿਗਿਆਨੀ ਕੇ.ਪੀ. ਸਿੰਘ, ਭੂਮੀ ਤੇ ਜਲ ਸੰਭਾਲ ਅਫ਼ਸਰ ਲੁਪਿੰਦਰ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।