ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 10 ਜੁਲਾਈ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ ਨੰਬਰ ਗ੍ਰਹਿ-5/ਸਪੈਸ਼ਲ/2023/1 ਚੰਡੀਗੜ੍ਹ ਮਿਤੀ 30.10.2023 ਰਾਹੀਂ ਲਿਖਿਆ ਹੈ ਕਿ ਰਾਜ ਵਿੱਚ ਬੀਤੇ ਦਿਨੀ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਸਤੰਬਰ, 2024 ਤੱਕ ਲਾਗੂ ਰਹੇਗਾ।

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ ਪੂਰਣ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 9 ਸਤੰਬਰ 2024 ਤੱਕ ਲਾਗੂ ਰਹੇਗਾ।

ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ  
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ਤੇ ਜਾਣ ਵਾਲਾ ਸਮਾਨ ਆਦਿ) ਨੂੰ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ।ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜਮਾ/ਪ੍ਰਾਈਵੇਟ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ। ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿੱਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 7 ਸਤੰਬਰ 2024 ਤੱਕ ਲਾਗੂ ਰਹੇਗਾ।

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਹ ਹੁਕਮ 7 ਸਤੰਬਰ 2024 ਤੱਕ ਲਾਗੂ ਰਹੇਗਾ।