ਸਮਾਜ ਨੂੰ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਲਈ ਕਿਸਾਨ ਪਰਾਲੀ ਨਾ ਸਾੜਨ : ਕੋਮਲ ਮਿੱਤਲ

  • ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ
  • ਕਿਹਾ, ਮਸ਼ੀਨਰੀ ਰਾਹੀਂ ਖੇਤਾਂ ਵਿਚ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ
  • ਪਰਾਲੀ ਨਾ ਸਾੜਨ ਵਾਲੇ ਕਿਸਾਨ ਸਮਾਜ ਅਤੇ ਵਾਤਾਵਰਨ ਪ੍ਰਤੀ ਨਿਭਾਅ ਰਹੇ ਹਨ ਆਪਣੀ ਨੈਤਿਕ ਜ਼ਿੰਮੇਵਾਰੀ 

ਹੁਸ਼ਿਆਰਪੁਰ, 8 ਨਵੰਬਰ : ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜ਼ਿਲ੍ਹੇ ਭਰ ਵਿਚ ਫੀਲਡ ਪੱਧਰ 'ਤੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਇਸ ਸਾਲ ਕਿਸਾਨਾਂ ਨੇ ਬਹੁਤ ਜਾਗਰੂਕਤਾ ਦਿਖਾਈ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਹੈ ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਉਨ੍ਹਾਂ ਕਿਸਾਨਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਜੋ ਵਾਤਾਵਰਨ ਅਤੇ ਜ਼ਮੀਨ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਅਤੇ ਸ਼ੁੱਧ ਹਵਾ ਪ੍ਰਦਾਨ ਕਰਨ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਜਿਥੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਜਾਗਰੂਕਤਾ ਮੁਹਿੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਮਸ਼ੀਨਰੀ ਨਾਲ ਖੇਤਾਂ ਵਿਚ ਹੀ ਸੁਚੱਜੇ ਢੰਗ ਇਸ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਬਿਨਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨ ਹਾਰਵੈਸਟਰ ਦੀ ਵਰਤੋਂ ਕਰਨ ਤੋਂ ਬਾਅਦ ਅਕਸਰ ਕਿਸਾਨਾਂ ਵੱਲੋਂ ਖੇਤਾਂ ਵਿਚ ਪਈ ਪਰਾਲੀ ਨੂੰ ਅੱਗ ਲਾ ਦਿੱਤੀ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਹੋਰ ਜੀਵ-ਜੰਤੂਆਂ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਰਾਹੀਂ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ, ਖਾਸ ਕਰਕੇ ਬਹੁਤ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਇਹ ਮਸ਼ੀਨਾਂ ਕਿਰਾਏ 'ਤੇ ਦੇਣ ਲਈ ਵਾਜਬ ਦਰਾਂ ਤੈਅ ਕੀਤੀਆਂ ਗਈਆਂ ਹਨ। ਕਸਟਮ ਹਾਇਰਿੰਗ ਸੈਂਟਰਾਂ ਦੀ ਸੂਚੀ ਅਤੇ ਉਨ੍ਹਾਂ ਕੋਲ ਮੌਜੂਦ ਮਸ਼ੀਨਾਂ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਖੇਤੀ ਮਸ਼ੀਨਾਂ ਦੀ ਉਪਲਬੱਧਤਾ ਦਰਸਾਉਣ ਲਈ ਇਕ ਮੋਬਾਈਲ ਐਪ 'ਆਈ-ਖੇਤ' ਪੰਜਾਬ ਵੀ ਤਿਆਰ ਕੀਤੀ ਗਈ ਹੈ, ਜਿਸ ਵਿਚ ਕਿਸਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਆਪਣੇ ਤੋਂ ਕੁਝ ਕਿਲੋਮੀਟਰ ਦੇ ਅੰਦਰ ਉਪਲਬੱਧ ਕਸਟਮ ਹਾਇਰਿੰਗ ਸੈਂਟਰਾਂ ਅਤੇ ਉਨ੍ਹਾਂ ਕੋਲ ਉਪਲੱਬਧ ਮਸ਼ੀਨਾਂ ਦੇ ਵੇਰਵੇ ਪ੍ਰਾਪਤ ਕਰਕੇ ਕਿਰਾਏ 'ਤੇ ਮਸ਼ੀਨਾਂ ਬੁੱਕ ਕਰਵਾ ਸਕਦੇ ਹਨ।