ਸਰਕਾਰ ਵਿਸ਼ੇਸ਼ ਤਵੱਜੋਂ ਦੇ ਕੇ ਸ਼ਹਿਰਾਂ ਤੇ ਪਿੰਡਾਂ ’ਚ ਕਰਵਾ ਰਹੀ ਹੈ ਬੇਮਿਸਾਲ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ 18.19 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 12 ਅਤੇ 14 ’ਚ ਸੜਕ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 6 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 ਅਤੇ ਵਾਰਡ ਨੰਬਰ 14 ਵਿਚ 18.19 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤਵੱਜੋ ਦੇ ਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬੇਮਿਸਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਗਲੀਆਂ ਤੇ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ ਅਤੇ ਰਾਜਨੀਤੀ ਤੋਂ ਉਪਰ ਉਠ ਕੇ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 12 ਵਿਚ 14.61 ਲੱਖ ਰੁਪਏ ਅਤੇ ਵਾਰਡ ਨੰਬਰ 14 ਵਿਚ 3.58 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਕੋਈ ਸੜਕ ਜਾਂ ਗਲੀ ਕੱਚੀ ਨਹੀਂ ਰਹੇਗੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਾਰੇ ਕੰਮ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ ਅਤੇ ਗੁਣਵੱਤਾ ਪੱਖੋਂ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਇਲਾਕਾ ਨਿਵਾਸੀਆਂ ਦੀ ਮੰਗ ਦੇ ਹਿਸਾਬ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਨਾਲ ਫੰਡਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲਰ ਬਲਵਿੰਦਰ ਬਿੰਦੀ, ਅਮਰੀਕ ਚੌਹਾਨ, ਸਤਵੰਤ ਸਿੰਘ ਸਿਆਣ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।