ਸਰਕਾਰ ਲੋਕ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਵਚਨਬੱਧ : ਕੈਬਨਿਟ ਮੰਤਰੀ ਜਿੰਪਾ

  • ਕੈਬਨਿਟ ਮੰਤਰੀ ਨੇ ਪਿੰਡ ਬੱਸੀ ਮੁਸਤਫਾ, ਠਰੋਲੀ ਅਤੇ ਡੱਲੇਵਾਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 29 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਹ ਬੱਸੀ ਮੁਸਤਫਾ, ਠਰੋਲੀ ਅਤੇ ਡੱਲੇਵਾਲ  ਵਿਚ 46 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿੰਡ ਬੱਸੀ ਮੁਸਤਫਾ ਵਿਚ 17.59 ਲੱਖ ਰੁਪਏ, ਠਰੋਲੀ ਵਿਚ 10.54  ਲੱਖ ਰੁਪਏ ਅਤੇ ਪਿੰਡ ਡੱਲੋਵਾਲ ਵਿਚ 17.84  ਲੱਖ ਰੁਪਏ ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੁਸ਼ਿਆਰਪੁਰ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੈ, ਤਾਂ ਜੋ ਲੋੜਵੰਦ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਕੈਬਨਿਟ ਮੰਤਰੀ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਪਿੰਡਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉੱਥੇ ਹੀ ਵੱਖ-ਵੱਖ ਸਕੀਮਾਂ ਤਹਿਤ ਲੋੜਵੰਦ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡਾਂ ’ਚ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਪਿੰਡ ਵਾਸੀ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਕਿਉਂਕਿ ਏਕਤਾ ਨਾਲ ਹੀ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਲਗਾਤਾਰ ਪਿੰਡਾਂ ਦਾ ਦੌਰਾ ਕਰਦੇ ਰਹਿੰਦੇ ਹਨ, ਤਾਂ ਜੋ ਪਿੰਡਾਂ ਦੀ ਮੰਗ ਅਨੁਸਾਰ ਕੰਮ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਸਕੀਮਾਂ ਦਾ ਲਾਭ ਜਾਣਕਾਰੀ ਰਾਹੀਂ ਹੀ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਅਤੇ ਜਿਸ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਡਵੋਕੇਟ ਅਮਰਜੋਤ ਸੈਣੀ, ਸਰਪੰਚ ਬੱਸੀ ਮੁਸਤਫਾ ਸੁਨੀਤਾ ਦੇਵੀ, ਸਰਪੰਚ ਪਿੰਡ ਡੱਲੇਵਾਲ ਜੀਤ ਰਾਮ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।