ਜ਼ਿਲ੍ਹੇ ’ਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਤਿਆਰ : ਕੈਬਨਿਟ ਮੰਤਰੀ ਬਲਕਾਰ ਸਿੰਘ 

  • ਕੈਬਨਿਟ ਮੰਤਰੀ ਤੇ ਰਾਜ ਸਭਾ ਮੈਂਬਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜਾਂ ਦੀ ਸਮੀਖਿਆ 
  • ਮਾਨਸੂਨ ਦੌਰਾਨ ਸ਼ਹਿਰ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਤਾਲਮੇਲ ਵਾਲੀ ਪਹੁੰਚ ਅਪਨਾਉਣ ਦਾ ਸੱਦਾ

ਜਲੰਧਰ, 9 ਜੁਲਾਈ : ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐਤਵਾਰ ਨੂੰ ਗਿੱਦੜਪਿੰਡੀ ਵਿਖੇ ਹੜ੍ਹ ਸੰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਮੌਜੂਦਾ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਸੰਵੇਦਨਸ਼ੀਲ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਲਗਾਤਾਰ ਮੀਂਹ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹੜ੍ਹਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਪਹਿਲਾਂ ਹੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਸੁਰੱਖਿਆ ਕਾਰਜ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਮੰਤਰੀ ਅਤੇ ਸੰਸਦ ਮੈਂਬਰ ਨੂੰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਸਾਲ ਲਈ ਹੜ੍ਹ ਰੋਕੂ ਕਾਰਜ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਮਾਨਸੂਨ ਦੌਰਾਨ ਦਰਿਆ ਦੇ ਪਾਣੀ ਦੇ ਪੱਧਰ 'ਤੇ ਅਧਿਕਾਰੀਆਂ ਵੱਲੋਂ ਪੂਰੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜਲੰਧਰ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ।