ਸੀਨੀਅਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਹੈੱਲਪਲਾਈਨ ਨੰਬਰ “14567 “ ਜਾਰੀ

  • ਕਾਨੂੰਨੀ ਸਹਾਇਤਾ,ਪੈਨਸ਼ਨ ਅਤੇ ਲੋਕ ਭਲਾਈ ਸਕੀਮਾਂ ਬਾਰੇ ਕਰਵਾਏਗਾ ਜਾਣਕਾਰੀ ਮੁਹੱਈਆ

ਕਪੂਰਥਲਾ, 7 ਜੂਨ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਜ਼ਿਲ੍ਹੇ ਭਰ ਦੇ ਸੀਨੀਅਰ ਨਾਗਰਿਕਾਂ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਐਲਡਰ ਲਾਈਨ-14567 ਹੈੱਲਪਲਾਈਨ ਨੰਬਰ ਲਾਂਚ ਕੀਤਾ ਗਿਆ,ਜੋਕਿ ਸਵੇਰੇ 8 ਵਜੇ ਤੋਂ ਰਾਤ ਦੇ 8 ਵਜੇ ਤੱਕ ਸੀਨੀਅਰ ਨਾਗਰਿਕਾਂ ਨੂੰ ਸਹਾਇਤਾ ਪ੍ਰਾਦਨ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ  ਭਰ ਦੇ ਸੀਨੀਅਰ ਨਾਗਰਿਕ ਕਿਸੇ ਵੀ ਸ਼ਿਕਾਇਤ ਲਈ 14567 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੈਲਪਲਾਈਨ ਰਾਹੀਂ ਬਜ਼ੁਰਗਾਂ ਦੀ ਦੇਖਭਾਲ,ਬਿਰਧ ਘਰ ਗਤੀਵਿਧੀਆਂ ਅਤੇ ਕਿਸੇ ਵੀ ਕਾਨੂੰਨੀ ਸਹਾਇਤਾ,ਪੈਨਸ਼ਨ ਸਬੰਧੀ ਮਾਮਲਿਆਂ ਦੇ ਸੁਝਾਅ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਦੁਰਵਿਵਹਾਰ ਤੋਂ ਪੀੜਤ ਬਜ਼ੁਰਗਾਂ ਦੇ ਲਈ ਅਤੇ ਬੇਘਰੇ ਬਜ਼ੁਰਗਾਂ  ਨੂੰ ਬਿਰਧ ਘਰਾਂ ਤੱਕ ਪਹੁੰਚਾਉਣ ਵਿਚ ਸਹਾਈ ਸਿੱਧ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਨੂੰ ਇਸ ਹੈੱਲਪਲਾਈਨ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਨੂੰ ਸੂਬਾ ਸਰਕਾਰ ਵਲੋਂ ਚਲਾਈ ਜਾਂਦੀਆਂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਦੇਖਭਾਲ ਲਈ ਸਹੀ ਨੀਤੀਗਤ ਢਾਂਚਾ ਤਿਆਰ ਕਰਨ ਲਈ ਲੋੜੀਂਦੀਆਂ ਪਹਿਲਕਦਮੀਆਂ ਕਰ ਰਹੀ ਹੈ।